ਇੰਡੀਆ ਨਿਊਜ਼, ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਜਿਥੇ ਉਹ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ, ਉਥੇ ਨਾਲ ਹੀ ਨੌਜਵਾਨਾਂ ਨੂੰ ਨਸ਼ੇ ਨਾ ਕਰਨ ਲਈ ਪ੍ਰੇਰਿਤ ਕਰੇ।
ਤਾਂ ਜੋ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜੀ ਜਾ ਸਕੇ। ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੰਗਰੂਰ ਵਿੱਚ ਸਾਈਕਲ ਰੈਲੀ ਕੱਢੀ। ਮੁੱਖ ਮੰਤਰੀ ਨੇ ਖ਼ੁਦ ਸਾਈਕਲ ਚਲਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ।
ਨਿਰਾਸ਼ਾ ਦੇ ਆਲਮ ‘ਚ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ: ਮਾਨ
ਇਸ ਦੌਰਾਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹੈ ਤਾਂ ਇਸ ਵਿੱਚ ਉਸਦਾ ਕੋਈ ਕਸੂਰ ਨਹੀਂ ਹੈ। ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਅਜਿਹਾ ਮਾਹੌਲ ਸਿਰਜਿਆ ਕਿ ਨੌਜਵਾਨ ਨਿਰਾਸ਼ ਹੋ ਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਚਲੇ ਗਏ। ਮਾਨ ਨੇ ਕਿਹਾ ਕਿ ਜਦੋਂ ਹੱਥਾਂ ਵਿੱਚ ਡਿਗਰੀਆਂ ਲੈ ਕੇ ਨੌਜਵਾਨ ਨੌਕਰੀਆਂ ਦੀ ਭਾਲ ਵਿੱਚ ਨਿਕਲਦੇ ਸਨ ਤਾਂ ਨਿਰਾਸ਼ ਹੋ ਜਾਂਦੇ ਸਨ। ਇਸ ਨਿਰਾਸ਼ਾ ਵਿੱਚ ਨੌਜਵਾਨ ਜਾਂ ਤਾਂ ਵਿਦੇਸ਼ ਚਲੇ ਗਏ ਜਾਂ ਫਿਰ ਨਸ਼ਿਆਂ ਦੀ ਲਪੇਟ ਵਿੱਚ ਆ ਗਏ। ਮਾਨ ਨੇ ਕਿਹਾ ਕਿ ਉਹ ਪੰਜਾਬ ਦੀ ਜਵਾਨੀ ਨੂੰ ਬਰਬਾਦ ਨਹੀਂ ਹੋਣ ਦੇਣਗੇ। ਉਨ੍ਹਾਂ ਸੂਬੇ ਦੇ ਨੌਜਵਾਨਾਂ ਅਤੇ ਹਰ ਵਿਅਕਤੀ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦਾ ਸੱਦਾ ਦਿੱਤਾ।
ਪੁਲਿਸ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ
ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਦਾ ਸੱਦਾ ਦੇ ਰਹੇ ਹਨ, ਉੱਥੇ ਹੀ ਉਨ੍ਹਾਂ ਨੇ ਹਾਲ ਹੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ ਦੇ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਸਪੱਸ਼ਟ ਹੁਕਮ ਦਿੱਤੇ ਸਨ। ਮੁੱਖ ਮੰਤਰੀ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਜਿਸ ਇਲਾਕੇ ਵਿੱਚ ਨਸ਼ਾ ਵਿਕਦਾ ਪਾਇਆ ਗਿਆ, ਉਸ ਇਲਾਕੇ ਦੇ ਪੁਲੀਸ ਅਧਿਕਾਰੀਆਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ : ਕਈ ਰਾਜਾਂ ਵਿੱਚ ਮੀਂਹ ਅਤੇ ਹਨੇਰੀ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਸਾਡੇ ਨਾਲ ਜੁੜੋ : Twitter Facebook youtube