ਸੂਬਾ ਸਰਕਾਰ ਵੱਲੋਂ ਪਿੰਡ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਤੇ ਵਲੀਪੁਰ ਕਲਾਂ ਦੀ 195 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

0
189
Illegal occupation of government lands
Illegal occupation of government lands
  • ਸਰਕਾਰੀ ਜ਼ਮੀਨਾਂ ਨੂੰ ਕਬਜ਼ਾਧਾਰੀਆਂ ਪਾਸੋਂ ਹਰ ਹੀਲੇ ਕਬਜ਼ਾਮੁਕਤ ਕਰਵਾਇਆ ਜਾਵੇਗਾ : ਕੁਲਦੀਪ ਸਿੰਘ ਧਾਲੀਵਾਲ
  • ਲੁਧਿਆਣਾ ‘ਚ ਹੁਣ ਤੱਕ ਕੁੱਲ 424 ਏਕੜ ਸਰਕਾਰੀ ਜ਼ਮੀਨ ਖਾਲੀ ਕਰਵਾਈ

ਦਿਨੇਸ਼ ਮੌਦਗਿਲ, ਲੁਧਿਆਣਾ

ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਜਾਇਜ਼ ਕਬਜ਼ਾਧਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ ਭਾਵੇਂਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।
ਕੈਬਨਿਟ ਮੰਤਰੀ ਨੇ ਇਹ ਗੱਲ ਜ਼ਿਲ੍ਹਾ ਲੁਧਿਆਣਾ ਦੇ ਸਿੱਧਵਾਂ ਬੇਟ ਇਲਾਕੇ ਵਿੱਚ ਪੈਂਦੇ ਪਿੰਡਾਂ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਅਤੇ ਵਲੀਪੁਰ ਕਲਾਂ ਦੀ 195 ਏਕੜ 7 ਕਨਾਲ 3 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮੋਹੀ, ਡਾ. ਕੇ.ਐਨ.ਐਸ. ਕੰਗ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਕਿਸੇ ਵੀ ਨਾਜਾਇਜ਼ ਕਬਜ਼ਾਧਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ ਭਾਵੇਂਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ

Illegal occupation of government lands
Illegal occupation of government lands
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿੱਥੇ ਹੁਣ ਤੱਕ ਕੁੱਲ 424 ਏਕੜ (ਅੱਜ ਦੀ 195 ਏਕੜ 7 ਕਨਾਲ 3 ਮਰਲੇ ਸਮੇਤ) ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।
ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ ਕਰੀਬ 2750 ਏਕੜ ਜ਼ਮੀਨ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਕਰੀਬ 3000 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ ਅਤੇ ਜੂਨ ਮਹੀਨੇ ਵਿੱਚ ਕਰੀਬ 5000 ਏਕੜ ਜ਼ਮੀਨ ਕਬਜ਼ਾਮੁਕਤ ਕਰਵਾ ਲਈ ਜਾਵੇਗੀ।
ਉਨ੍ਹਾਂ ਕਿਹਾ ਕਿ ਅੱਜ ਜੋ ਜ਼ਮੀਨਾਂ ਕਬਜ਼ੇ ਵਿੱਚ ਲਈਆਂ ਗਈਆਂ ਹਨ ਉਨ੍ਹਾਂ ਵਿੱਚ ਪਿੰਡ ਤਲਵੰਡੀ ਨੌਆਬਾਦ ਵਿਖੇ 86 ਏਕੜ 7 ਕਨਾਲ 15 ਮਰਲੇ ਜ਼ਮੀਨ, ਵਲੀਪੁਰ ਖੁਰਦ ਵਿਖੇ 65 ਏਕੜ 5 ਕਨਾਲ 5 ਮਰਲੇ ਜ਼ਮੀਨ ਅਤੇ ਵਲੀਪੁਰ ਕਲਾਂ ਵਿਖੇ 43 ਏਕੜ 2 ਕਨਾਲ 3 ਮਰਲੇ ਜ਼ਮੀਨ ਸ਼ਾਮਲ ਹੈ।

ਇਹ ਕੇਵਲ ਇੱਕ ਮਜ਼ਬੂਤ ​​’ਰਾਜਨੀਤਿਕ ਇੱਛਾ ਸ਼ਕਤੀ’ ਦੁਆਰਾ ਯਕੀਨੀ ਬਣਾਇਆ ਜਾ ਸਕਦਾ ਹੈ

ਪਿਛਲੀਆਂ ਦੋਵੇਂ ਸਰਕਾਰਾਂ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕੋਈ ਠੋਸ ਕਦਮ ਨਾ ਚੁੱਕੇ ਜਾਣ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਬਜ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਵੀ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਵਲ ਇੱਕ ਮਜ਼ਬੂਤ ​​’ਰਾਜਨੀਤਿਕ ਇੱਛਾ ਸ਼ਕਤੀ’ ਦੁਆਰਾ ਯਕੀਨੀ ਬਣਾਇਆ ਜਾ ਸਕਦਾ ਹੈ ਜਿਸ ਨੂੰ ਆਮ ਆਦਮੀ ਪਾਰਟੀ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਵੈ-ਇੱਛਾ ਨਾਲ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦਿਓ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
SHARE