ਸੂਬੇ ਵਿੱਚ ਵੱਡੇ ਬਹੁਮਤ ਨਾਲ ਬਣੀ ਸੀ ਆਮ ਆਦਮੀ ਦੀ ਸਰਕਾਰ
ਦਿਨੇਸ਼ ਮੌਦਗਿਲ, ਲੁਧਿਆਣਾ: ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ‘ਤੇ ਆਪਣਾ ਜਾਦੂ ਚਲਾਇਆ ਸੀl ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ ਹੈl ਇਸ ਲੋਕ ਸਭਾ ਸੀਟ ‘ਤੇ ਉਪ ਚੋਣ ਹੋਣ ਜਾ ਰਹੀ ਹੈ। ਇਸ ਸੀਟ ‘ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਲਿਟਮਸ ਟੈਸਟ ਹੋਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਲਗਭਗ 3 ਮਹੀਨੇ ਹੋ ਚੁੱਕੇ ਹਨ ਅਤੇ ਇਸ ਸੀਟ ਦੇ ਨਤੀਜੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦਾ ਪਤਾ ਲਗਾ ਦੇਣਗੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀ-ਕੀ ਕੀਤਾ ਹੈ ਅਤੇ ਹੁਣ ਜਨਤਾ ਨੂੰ ਕਿੰਨਾ ਉਸ ਨੂੰ ਦਿੱਤਾ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਮੈਦਾਨ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਪੂਰੇ ਜ਼ੋਰਾਂ-ਸ਼ੋਰਾਂ ਨਾਲ ਮੈਦਾਨ ਵਿੱਚ ਨਿੱਤਰੇ ਹਨ। ਹਰ ਉਮੀਦਵਾਰ ਜਨਤਾ ਵਿੱਚ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ। ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਬਾਦਲ, ਅਕਾਲੀ ਦਲ ਅੰਮ੍ਰਿਤਸਰ ਸਮੇਤ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਇਸ ਚੋਣ ਪ੍ਰਚਾਰ ਵਿੱਚ ਪੂਰਾ ਜ਼ੋਰ ਲਾਇਆ ਹੋਇਆ ਹੈ।
ਪਾਰਟੀਆਂ ਦੇ ਦਿੱਗਜਾਂ ਨੇ ਸੰਗਰੂਰ ਵਿੱਚ ਡੇਰੇ ਲਾਏ
ਇਸ ਚੋਣ ਪ੍ਰਚਾਰ ਵਿੱਚ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪਣੀ ਪੂਰੀ ਤਾਕਤ ਲਗਾਉਣਗੇ, ਉੱਥੇ ਹੀ ਇਸ ਚੋਣ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਟਕਸਾਲੀ ਆਗੂ ਵੀ ਜ਼ੋਰ ਅਜ਼ਮਾਈ ਕਰਨਗੇ। ਇਸ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਦਿੱਗਜਾਂ ਨੇ ਸੰਗਰੂਰ ਵਿੱਚ ਡੇਰੇ ਲਾਏ ਹੋਏ ਹਨ। ਇੱਕ ਵੱਖਰੇ ਮੁੱਦੇ ‘ਤੇ ਚੋਣ ਲੜ ਰਹੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਦੀ ਚੋਣ ਮੁਹਿੰਮ ਦੀ ਨਿਗਰਾਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਕਰ ਰਹੇ ਹਨ ਅਤੇ ਸੁਖਬੀਰ ਬਾਦਲ ਅਤੇ ਪਾਰਟੀ ਦੇ ਹੋਰ ਦਿੱਗਜ ਆਗੂ ਇਸ ਚੋਣ ਨੂੰ ਜਿੱਤਣ ਲਈ ਪੂਰੀ ਵਾਹ ਲਾ ਰਹੇ ਹਨ।
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਲਈ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਕੈਬਨਿਟ ਮੰਤਰੀ ਇਹ ਚੋਣ ਦੰਗਲ ਲੜ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ, ਸਿੱਖਿਆ ਮੰਤਰੀ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਬ੍ਰਹਮ ਸ਼ੰਕਰ ਜ਼ਿੰਪਾ, ਡਾ: ਬਲਜੀਤ ਕੌਰ ਸਮੇਤ ਸਾਰੇ ਮੰਤਰੀ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਲਈ ਪੂਰੀ ਵਾਹ ਲਾ ਰਹੇ ਹਨ।
ਵੜਿੰਗ ਨੇ ਵਿਸ਼ੇਸ਼ ਰਣਨੀਤੀ ਤਿਆਰ ਕੀਤੀ
ਇਸੇ ਤਰ੍ਹਾਂ ਕਾਂਗਰਸ ਪਾਰਟੀ ਵੀ ਆਪਣੇ ਉਮੀਦਵਾਰ ਦੀ ਜਿੱਤ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਇਸ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਸ਼ੇਸ਼ ਰਣਨੀਤੀ ਤਿਆਰ ਕਰ ਲਈ ਹੈl ਉਹ ਖੁਦ ਮੋਰਚੇ ਤੇ ਡਟੇ ਹਨ । ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਰਜ਼ੀਆ ਸੁਲਤਾਨਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ, ਭਾਰਤ ਭੂਸ਼ਣ ਆਸ਼ੂ, ਡਾ: ਰਾਜਕੁਮਾਰ ਚੱਬੇਵਾਲ, ਸੁਖਪਾਲ ਖਹਿਰਾ, ਬੀਬਾ ਰਜਿੰਦਰ ਕੌਰ ਭੱਠਲ ਸਮੇਤ 50 ਦੇ ਕਰੀਬ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਸਾਬਕਾ ਮੰਤਰੀਆਂ, ਵਿਧਾਇਕਾਂ ਅਤੇ ਮੌਜੂਦਾ ਸੰਸਦ ਮੈਂਬਰਾਂ ਦੀ ਟੀਮ ਲੋਕ ਸਭਾ ਹਲਕੇ ਦੇ ਵੱਖ-ਵੱਖ ਸਰਕਲਾਂ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਰਹੀ ਹੈ।
ਪੂਰੀ ਭਾਜਪਾ ਲੀਡਰਸ਼ਿਪ ਮਦਾਨ ਵਿੱਚ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਰਾਣਾ ਗੁਰਮੀਤ ਸਿੰਘ ਸੋਢੀ ਵੀ ਆਪਣੀ ਪਾਰਟੀ ਦੇ ਉਮੀਦਵਾਰ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਆਪਣੇ ਪਾਰਟੀ ਸਾਥੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਭਾਜਪਾ ਉਮੀਦਵਾਰ ਦੀ ਜਿੱਤ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ ਹਨ। ਨਤੀਜਾ ਜੋ ਵੀ ਨਿਕਲਦਾ ਹੈ, ਇਹ ਤਾਂ 26 ਜੂਨ ਨੂੰ ਹੀ ਪਤਾ ਲੱਗੇਗਾ ਪਰ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਪਾਰਟੀਆਂ ਦੇ ਦਿੱਗਜ ਆਗੂਆਂ ਲਈ ਇਹ ਜ਼ਿਮਨੀ ਚੋਣ ਕਿਸੇ ਲਿਟਮਸ ਟੈਸਟ ਤੋਂ ਘੱਟ ਨਹੀਂ ਹੈ। ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਇਸ ਦੇ ਨਤੀਜੇ 26 ਜੂਨ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਆ ਜਾਣਗੇ।
ਇਹ ਵੀ ਪੜੋ : ਸਹਿਕਾਰੀ ਖੰਡ ਮਿੱਲਾਂ ਦੇ 331 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਅਪੀਲ
ਸਾਡੇ ਨਾਲ ਜੁੜੋ : Twitter Facebook youtube