ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਹੁਦਾ ਸੰਭਾਲਿਆ

0
205
Cabinet Minister Aman Arora took over
Cabinet Minister Aman Arora took over
  • ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰਾਜੈਕਟਾਂ ਦੀ ਜਾਣਕਾਰੀ ਆਧੁਨਿਕ ਤਕਨੀਕਾਂ ਰਾਹੀਂ ਲੋਕਾਂ ਤੱਕ ਪੁੱਜਦੀ ਕਰਾਂਗਾ : ਅਮਨ 
ਇੰਡੀਆ ਨਿਊਜ਼, ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ  ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਦਵਿੰਦਰਜੀਤ ਸਿੰਘ ਲਾਡੀ ਤੇ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ।

ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ

ਕੈਬਨਿਟ ਮੰਤਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨ੍ਹਾਂ ਦਾ ਤੁਰੰਤ ਫ਼ਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਮੀਡੀਆ ਨਾਲ ਪਾਰਦਰਸ਼ੀ, ਜਵਾਬਦੇਹ, ਸਕਰਾਤਮਕ ਸਾਂਝ ਨੂੰ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਉਣਗੇ।

ਅਮਨ ਅਰੋੜਾ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ

ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂੰ ਪ੍ਰਸਾਦ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਸਿਨਹਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਤੇ ਡਾਇਰੈਕਟਰ ਸੋਨਾਲੀ ਗਿਰਿ, ਸੀਏ ਗਮਾਡਾ ਅਰਸ਼ਦੀਪ ਸਿੰਘ ਥਿੰਦ, ਸੀਈਓ ਪੇਡਾ ਸੁਮੀਤ ਜਾਰੰਗਲ ਅਤੇ ਪਰਿਵਾਰਕ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਪ੍ਰਮੇਸ਼ਵਰੀ ਦੇਵੀ, ਪਤਨੀ ਸ਼ਬੀਨਾ ਅਰੋੜਾ, ਪੁੱਤਰ ਭੁਵੀਰ ਅਰੋੜਾ, ਭੈਣ ਨੀਨਾ ਮਲਹੋਤਰਾ, ਸਹੁਰਾ ਸੰਦੀਪ ਗਿਲਹੋਤਰਾ, ਸੱਸ ਰੰਜਨਾ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਨੇਹੀ ਮੌਜੂਦ ਸਨ।
SHARE