- ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਇਸ ਪਹਿਲਕਦਮੀ ਦਾ ਉਦੇਸ਼
ਇੰਡੀਆ ਨਿਊਜ਼ PUNJAB NEWS : ਪੰਜਾਬ ਵਿੱਚ ਰੁਜ਼ਗਾਰ ਉਤਪਤੀ ਨੂੰ ਹੋਰ ਹੁਲਾਰਾ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਦਫ਼ਤਰ ਵਿਖੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਅਤੇ ਵਿੰਡੋ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਕੋਲਕਾਤਾ ਦਰਮਿਆਨ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।
ਇਹ ਸਮਝੌਤਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਅਤੇ ਵਿੰਡੋ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਨਿਤਿਨ ਮਿਨੋਚਾ ਵੱਲੋਂ ਸਹੀਬੱਧ ਕੀਤਾ ਗਿਆ। ਇਸ ਮੌਕੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ (ਡੀਈਜੀਐਸਡੀਟੀ) ਪੰਜਾਬ ਦੇ ਸਕੱਤਰ ਕੁਮਾਰ ਰਾਹੁਲ, ਡੀਈਜੀਐਸਡੀਟੀ ਦੇ ਵਧੀਕ ਡਾਇਰੈਕਟਰ ਰਾਜੇਸ਼ ਤ੍ਰਿਪਾਠੀ ਅਤੇ ਵਿੰਡੋ ਟੈਕਨਾਲੋਜੀਜ਼ ਪ੍ਰਾਈਵੇਟ ਲਿਮਿਟੇਡ ਦੇ ਪ੍ਰੋਜੈਕਟ ਮੈਨੇਜਰ ਅਜੀਤ ਮਿਸ਼ਰਾ ਹਾਜ਼ਰ ਸਨ।
ਵਿਭਾਗ ਉਦਯੋਗਾਂ ਨੂੰ ਪੰਜਾਬ ਦੇ ਹੁਨਰਮੰਦ ਨੌਜਵਾਨ ਮੁਹੱਈਆ ਕਰਵਾ ਕੇ ਇਸ ਦੀਆਂ ਸਟਾਫ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ
ਇਸ ਮੌਕੇ ਰੁਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਭਾਗ ਉਦਯੋਗਾਂ ਨੂੰ ਪੰਜਾਬ ਦੇ ਹੁਨਰਮੰਦ ਨੌਜਵਾਨ ਮੁਹੱਈਆ ਕਰਵਾ ਕੇ ਇਸ ਦੀਆਂ ਸਟਾਫ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਡਾਇਰੈਕਟਰ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਅਗਲੇ ਗਿਆਰਾਂ ਮਹੀਨਿਆਂ ਵਿੱਚ ਕੰਪਨੀ ਪੰਜਾਬ ਵਿੱਚੋਂ 6000 ਨੌਜਵਾਨਾਂ ਦੀ ਭਰਤੀ ਕਰੇਗੀ। ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਲੋੜੀਂਦੇ ਉਮੀਦਵਾਰ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਈ ਹੋਰ ਕੰਪਨੀਆਂ ਨਾਲ ਅਜਿਹੇ ਹੋਰ ਸਮਝੌਤੇ ਸਹੀਬੱਧ ਕੀਤੇ ਜਾਣਗੇ।