- ਵਾਤਾਵਰਣ ਮੰਤਰੀ ਨੇ ਬੁੱਢਾ ਦਰਿਆ ਕਾਇਆ ਕਲਪ ਪ੍ਰਾਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਦਿਨੇਸ਼ ਮੌਦਗਿਲ, Ludhiana News : ਪੰਜਾਬ ਦੇ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਬੁੱਢਾ ਦਰਿਆ ਦੇ ਚੱਲ ਰਹੇ ਕਾਇਆ ਕਲਪ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਇਲਾਵਾ ਨਗਰ ਨਿਗਮ, ਸੀਵਰੇਜ ਬੋਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੁੱਢਾ ਦਰਿਆ ਦੀ ਸਫ਼ਾਈ ਲਈ ਕੀਤੇ ਜਾ ਰਹੇ ਸਾਰੇ ਕੰਮਾਂ ਵਿੱਚ ਤੇਜ਼ੀ ਲਿਆਉਣ।
ਜਮਾਲਪੁਰ ਟਰੀਟਮੈਂਟ ਪਲਾਂਟ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਢਾ ਦਰਿਆ ਦੀ ਸਫ਼ਾਈ ਨੂੰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਪ੍ਰਾਜੈਕਟ ਦੀ ਨਿਯਮਤ ਤੌਰ ‘ਤੇ ਸਮੀਖਿਆ ਕਰਨਗੇ ਤਾਂ ਜੋ ਕੰਮ ਨੂੰ ਸਮੇਂ ਤੋਂ ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਮਾਲਪੁਰ ਵਿਖੇ 225 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਵੀ ਇਸ ਸਾਲ ਦਸੰਬਰ ਤੱਕ ਹਰ ਹੀਲੇ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ।
ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵਚਨਬੱਧ
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਨੂੰ ਸਾਫ਼ ਸੁਥਰਾ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਰਾਜ ਸਭਾ ਮੈਂਬਰ ਅਤੇ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਬੁੱਢਾ ਦਰਿਆ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਾਇਆ ਕਲਪ ਪ੍ਰਾਜੈਕਟ ਤਹਿਤ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬੁੱਢਾ ਦਰਿਆ ਦੇ ਆਲੇ ਦੁਆਲੇ ਸਾਰੇ ਕਬਜ਼ੇ ਜਲਦ ਹਟਾਉਣ ਲਈ ਵੀ ਕਿਹਾ।
ਕਾਮਨ ਫਲੂਐਂਟ ਟ੍ਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ।
ਬਾਅਦ ਵਿੱਚ, ਕੈਬਨਿਟ ਮੰਤਰੀ ਨੇ ਹੋਰ ਅਧਿਕਾਰੀਆਂ ਨਾਲ ਤਾਜਪੁਰ ਰੋਡ ‘ਤੇ 50 ਐਮ.ਐਲ.ਡੀ. ਕਾਮਨ ਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀ) ਦਾ ਵੀ ਦੌਰਾ ਕੀਤਾ। ਇਸ ਮੌਕੇ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀਐਮਆਈਡੀਸੀ) ਦੀ ਸੀਈਓ ਈਸ਼ਾ ਕਾਲੀਆ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਨਗਰ ਨਿਗਮ ਡਾ. ਸ਼ੇਨਾ ਅਗਰਵਾਲ ਅਤੇ ਹੋਰ ਮੌਜੂਦ ਸਨ।
ਇਹ ਵੀ ਪੜੋ : ਬੁੱਢੇ ਨਾਲੇ ਦੀ ਹਾਲਤ ਦੇਖਣ ਪਹੁੰਚੇ ਸੰਤ ਸੀਚੇਵਾਲ
ਇਹ ਵੀ ਪੜੋ : ਅਕਾਲੀ ਦਲ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਕਮਜ਼ੋਰ ਕੀਤਾ: ਭਗਵੰਤ ਮਾਨ
ਸਾਡੇ ਨਾਲ ਜੁੜੋ : Twitter Facebook youtube