ਇੰਡੀਆ ਨਿਊਜ਼, ਚੰਡੀਗੜ (Corruption in Forest Department) : ਪਿਛਲੀ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ। ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ, ਗੈਰ-ਕਾਨੂੰਨੀ ਮਾਈਨਿੰਗ, ਟ੍ਰੀ ਗਾਰਡਾਂ ਦੀ ਖਰੀਦ, ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨਾ, ਹਾਈਵੇਅ ਨੇੜੇ ਵਪਾਰਕ ਅਦਾਰਿਆਂ ਲਈ ਸੜਕਾਂ ਬਣਾਉਣ ਲਈ ਕੋਈ ਇਤਰਾਜ ਨਹੀਂ ਸਰਟੀਫਿਕੇਟ ਜਾਰੀ ਕਰਨਾ ਅਤੇ ਵਿਭਾਗ ਦੇ ਹੋਰ ਕੰਮਾਂ ਵਿੱਚ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਕਰਨ ਵਿੱਚ ਵੀ ਉਸਦੀ ਸ਼ਮੂਲੀਅਤ ਸੀ।
ਡਾਇਰੀ ਤੋਂ ਖੁਲੇ ਦਲਜੀਤ ਸਿੰਘ ਦੇ ਰਾਜ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਦਲਜੀਤ ਸਿੰਘ ਦੀ ਗ੍ਰਿਫਤਾਰੀ ਲਈ ਕਈ ਸੁਰਾਗ ਤੇ ਸਬੂਤ ਮੌਜੂਦ ਹੋਣ ਵਾਲੀ ਡਾਇਰੀ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਜੰਗਲਾਤ ਠੇਕੇਦਾਰ ਹਰਮਿੰਦਰ ਸਿੰਘ ਹੈਮੀ ਨੂੰ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੇ ਕਬੂਲ ਕੀਤਾ ਸੀ ਕਿ ਉਸ ਨੇ ਮੋਹਾਲੀ ਜਿਲੇ ਦੇ ਪਿੰਡ ਨਾਡਾ ਵਿਖੇ ਖੈਰ ਦੇ ਦਰੱਖਤ ਕੱਟਣ ਦਾ ਪਰਮਿਟ ਜਾਰੀ ਕਰਨ ਬਦਲੇ ਕੁਲਵਿੰਦਰ ਸਿੰਘ ਰਾਹੀਂ 5 ਲੱਖ ਦੀ ਰਿਸ਼ਵਤ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੂੰ ਦਿੱਤੀ ਸੀ। ਇਸ ਤੋਂ ਇਲਾਵਾ ਉਸ ਨੇ ਇਸ ਵਿਭਾਗ ਦੇ ਰੇਂਜ ਅਫਸਰ, ਬਲਾਕ ਅਫਸਰ ਅਤੇ ਗਾਰਡ ਨੂੰ ਵੀ ਰਿਸ਼ਵਤ ਦਿੱਤੀ ਸੀ।
ਦਲਜੀਤ ਸਿੰਘ ਸਿੱਧੇ ਤੌਰ ‘ਤੇ ਦਖਲ ਦਿੰਦਾ ਸੀ
ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਸੰਗਤ ਸਿੰਘ ਗਿਲਜ਼ੀਆਂ ਦੇ ਸਤੰਬਰ 2021 ਵਿੱਚ ਜੰਗਲਾਤ ਮੰਤਰੀ ਵਜੋਂ ਨਿਯੁਕਤੀ ਤੋਂ ਬਾਅਦ ਜੰਗਲਾਤ ਵਿਭਾਗ ਵਿੱਚ ਸਰਕਾਰੀ ਫੰਡਾਂ ਦੀ ਹੇਰਾਫੇਰੀ ਅਤੇ ਸਰਕਾਰੀ ਫੰਡਾਂ ਦੀ ਗਬਨ ਦੇ ਉਪਰੋਕਤ ਦੋਸਾਂ ਦੀ ਜਾਂਚ ਦੌਰਾਨ ਜ਼ੁਬਾਨੀ ਸਬੂਤਾਂ ਸਮੇਤ ਦਸਤਾਵੇਜੀ ਅਤੇ ਤਕਨੀਕੀ ਸਬੂਤ ਹਾਸਲ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਦੁਆਰਾ ਪ੍ਰਾਪਤ ਕੀਤੀ ਜਾਣਕਾਰੀ ਦਰਸਾਉਂਦੀ ਹੈ ਕਿ ਸੰਗਤ ਸਿੰਘ ਗਿਲਜ਼ੀਆਂ ਦਾ ਭਤੀਜਾ ਦਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਿਭਾਗ ਦੇ ਮੰਤਰੀ ਦੀ ਤਰਫੋਂ ਸਰਕਾਰੀ ਅਤੇ ਗੈਰ-ਸਰਕਾਰੀ ਮਾਮਲਿਆਂ ਵਿੱਚ ਸਿੱਧੇ ਤੌਰ ‘ਤੇ ਦਖਲ ਦਿੰਦਾ ਸੀ।
ਇਹ ਵੀ ਪੜੋ : ਅਕਾਲੀ ਦਲ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਕਮਜ਼ੋਰ ਕੀਤਾ: ਭਗਵੰਤ ਮਾਨ
ਸਾਡੇ ਨਾਲ ਜੁੜੋ : Twitter Facebook youtube