ਦਿਨੇਸ਼ ਮੌਦਗਿਲ, Ludhiana News : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਹੋਰਨਾਂ ਕਮੀਆਂ-ਪੇਸ਼ੀਆਂ ਨੂੰ ਵੀ ਦੂਰ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵਲੋਂ ਰਾਜ ਅੰਦਰ ਜਲਦ ਹੀ ਸਿਹਤ ਪਾਲਿਸੀ ਲਿਆਂਦੀ ਜਾਵੇੇਗੀ ਜਿਸ ਨਾਲ ਸਿਹਤ ਸਹੂਲਤਾਂ ਵਿੱਚ ਵੱਡੇ ਸੁਧਾਰ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਵਲ ਹਸਪਤਾਲ ਸਮਰਾਲਾ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਂਦਾ ਜਾਵੇਗਾ
ਇਸ ਮੌਕੇ ਉਨ੍ਹਾਂ ਦੇ ਨਾਲ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ,ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਰਣਜੀਤ ਸਿੰਘ ਵੀ ਸ਼ਾਮਲ ਸਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਹੋਰਨਾਂ ਕਮੀਆਂ ਪੇਸ਼ੀਆਂ ਨੂੰ ਦੂਰ ਕਰਨ ਲਈ ਉਨ੍ਹਾਂ ਦੀ ਬੀਤੇ ਦਿਨਾਂ ਦੌਰਾਨ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਹੋਈ ਮੀਟਿੰਗ ਵਿੱਚ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ l ਇਸ ਸਬੰਧੀ ਲੋੜੀਂਦੇ ਫੰਡ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਦੌਰਿਆਂ ਦੌਰਾਨ ਉਹ ਮਰੀਜ਼ਾਂ ਨਾਲ ਵੀ ਰਾਬਤਾ ਕਰ ਰਹੇ ਹਨ ਤਾਂ ਜੋ ਲੋੜੀਂਦੇ ਸੁਧਾਰਾਂ ਨੂੰ ਸੁਚੱਜੇ ਢੰਗ ਨਾਲ ਅਮਲੀ ਜਾਮਾ ਪਹਿਨਾਇਆ ਜਾ ਸਕੇ।
ਜ਼ਮੀਨੀ ਹਕੀਕਤਾਂ ਜਾਣੀਆਂ ਜਾ ਰਹੀਆਂ
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਿਆਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ l ਸਿਹਤ ਪਾਲਿਸੀ ਲਿਆਉਣ ਦੇ ਮੱਦੇਨਜ਼ਰ ਉਨ੍ਹਾਂ ਵਲੋਂ ਸਿਵਲ ਹਸਪਤਾਲਾਂ ਅਤੇ ਸਬ ਡਵੀਜ਼ਨ ਪੱਧਰ ਦੇ ਹਸਪਤਾਲਾਂ ਆਦਿ ਦਾ ਦੌਰਾ ਕਰਕੇ ਜ਼ਮੀਨੀ ਹਕੀਕਤਾਂ ਜਾਣੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੀ ਸਹੂਲਤ ਅਨੁਸਾਰ ਅਗਲੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਿਸ ਦੇ ਨਤੀਜੇ ਆਉਂਦੇ ਸਮੇਂ ਵਿੱਚ ਪ੍ਰਤੱਖ ਦਿਖਾਈ ਦੇਣਗੇ।
ਇਹ ਰਹੇ ਮੌਜੂਦ
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਸ, ਉਪ ਮੰਡਲ ਮੈਜਿਸਟੇ੍ਰਟ ਕੁਲਦੀਪ ਬਾਵਾ, ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ, ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਕੌਰ, ਸਿਵਲ ਹਸਪਤਾਲ ਸਮਰਾਲਾ ਦੇ ਐਸ.ਐਮ.ਓ ਡਾ. ਤਰਕਜੋਤ ਸਿੰਘ, ਕੌਸਲਰ ਮੰਗਤ ਰਾਏ, ਕੌਸਲਰ ਡਾ. ਸਿਕੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜੋ : ਲੁਧਿਆਣਾ ਨਾਲ ਜੁੜੇ ਗੁਜਰਾਤ ‘ਚ ਫੜੀ ਗਈ ਹੈਰੋਇਨ ਦੇ ਤਾਰ
ਇਹ ਵੀ ਪੜੋ : ਜੰਗਲਾਤ ਵਿਭਾਗ ਵਿੱਚ ਭਿ੍ਰਸਟਾਚਾਰ ਦਾ ਮਾਮਲਾ : ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦਾ ਭਤੀਜਾ ਗ੍ਰਿਫਤਾਰ
ਸਾਡੇ ਨਾਲ ਜੁੜੋ : Twitter Facebook youtube