ਦਿਨੇਸ਼ ਮੌਦਗਿਲ, Ludhiana News: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਵਿਦਿਆਰਥੀਆਂ ਦਾ ਇੰਟਰਨਸ਼ਿਪ ਦਾ ਭੱਤਾ 6,200 ਰੁਪਏ ਤੋਂ ਵਧਾ ਕੇ 15,000 ਰੁਪਏ ਕਰ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ
ਗਡਵਾਸੂ ਵਿਖੇ ਵਾਧੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਵੈਟਰਨਰੀ ਕਲੀਨਿਕਾਂ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਵਿਦਿਆਰਥੀਆਂ ਨੂੰ ਆਪਣੇ ਵਜ਼ੀਫੇ ਵਿੱਚ ਵਾਧੇ ਲਈ 17 ਸਾਲਾਂ ਤੱਕ ਇੰਤਜ਼ਾਰ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨੂੰ ਨੋਟੀਫਿਕੇਸ਼ਨ ਦੀ ਕਾਪੀ ਸੌਂਪੀ
ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀਆਂ ਵੈਟਰਨਰੀ ਕਲੀਨਿਕਾਂ ਵਿੱਚ 24 ਘੰਟੇ ਕੰਮ ਕਰਦੇ ਹਨ ਅਤੇ ਵਜੀਫੇ ਵਿੱਚ ਢੁਕਵਾਂ ਵਾਧਾ ਪ੍ਰਾਪਤ ਕਰਨਾ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸਹਿਯੋਗ ਲਈ ਹਮੇਸ਼ਾ ਤੱਤਪਰ ਹਨ ਅਤੇ ਉਹ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭੱਤੇ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਦੀ ਕਾਪੀ ਵੀ ਸੌਂਪੀ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਬਣਾਉਣ ਲਈ ਸਰਕਾਰ ਕਿਸਾਨਾਂ ਵਿੱਚ ਪਸ਼ੂ ਪਾਲਣ ਦੇ ਕਿੱਤੇ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਵੀ ਪਹਿਲ ਦੇ ਆਧਾਰ ‘ਤੇ ਇਸ ਮਸਲੇ ਨੂੰ ਹੱਲ ਕਰਨ ਲਈ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਗਡਵਾਸੂ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਮੁਕਤਸਰ ਪੁਲਿਸ ਨੇ ਲਿਆ ਗੈਂਗਸਟਰ ਲੌਰੈਂਸ ਬਿਸ਼ਨੋਈ ਦਾ ਰਿਮਾਂਡ
ਸਾਡੇ ਨਾਲ ਜੁੜੋ : Twitter Facebook youtube