ਇੰਡੀਆ ਨਿਊਜ਼, ਲੁਧਿਆਣਾ (Punjab CM in Ludhiana) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।
ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ।
ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਸਦਕਾ ਹੀ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜ਼ਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮਤਾ ਅਤੇ ਅਗਵਾਈ ਦੇ ਗੁਣਾਂ ਦੀ ਬਖ਼ਸ਼ਿਸ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।
ਇਹ ਵੀ ਪੜ੍ਹੋ: ਵਿਧਾਨਸਭਾ ਚੋਣਾਂ’ਚ ਹੋਈ ਹਾਰ ਤੋਂ ਅਜੇ ਤਕ ਕਾਂਗਰਸੀ ਬੋਖਲਾਹਟ ਵਿੱਚ : ਮਾਨ
ਸਾਡੇ ਨਾਲ ਜੁੜੋ : Twitter Facebook youtube