ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ਵਿੱਚ ਹੋਵੇਗਾ ਮੁਕੰਮਲ: ਭਗਵੰਤ ਮਾਨ

0
142
Current procurement season of paddy
Current procurement season of paddy

ਇੰਡੀਆ ਨਿਊਜ਼, ਪਠਾਨਕੋਟ (Current procurement season of paddy) : ਹੁਣ ਤੱਕ ਪੰਜਾਬ ਵਿੱਚ 110 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇੱਥੇ ਅਨਾਜ ਮੰਡੀਆਂ ਦਾ ਮੁਆਇਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 30 ਅਕਤੂਬਰ ਤੱਕ ਤਕਰੀਬਨ 112 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਵਿੱਚੋਂ ਤਕਰੀਬਨ 110 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ 88 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚੋਂ ਚੁੱਕਿਆ ਜਾ ਚੁੱਕਾ ਹੈ ਅਤੇ ਹੁਣ ਤੱਕ 18,660 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਹੋ ਚੁੱਕੀ ਹੈ। ਝੋਨੇ ਦਾ ਦਾਣਾ-ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ਵਿੱਚੋਂ ਕਿਸਾਨਾਂ ਦੀ ਇਕ ਵੀ ਸ਼ਿਕਾਇਤ ਨਹੀਂ ਆਈ।

ਨਿੱਜੀ ਤੌਰ ਉਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ਉਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਅਨਾਜ ਦੀ ਖ਼ਰੀਦ ਸੁਚਾਰੂ ਤੇ ਪਾਰਦਰਸ਼ੀ ਤਰੀਕੇ ਨਾਲ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੇਠਲੇ ਪੱਧਰ ਉਤੇ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾ ਕੇ ਕਿਸਾਨਾਂ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਜ਼ਿਲ੍ਹਿਆਂ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਣ ਦੇ ਵਧੀਆ ਨਤੀਜੇ ਸਾਹਮਣੇ ਆਏ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਣ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਸੂਬਾ ਸਰਕਾਰ ਪਾਣੀ ਦੀ ਬੱਚਤ ਕਰਨ ਲਈ ਫ਼ਸਲੀ ਚੱਕਰ ਬਾਰੇ ਸਹੀ ਅਨੁਮਾਨ ਲਾਉਣ ਦੇ ਯੋਗ ਹੋਈ। ਭਗਵੰਤ ਮਾਨ ਨੇ ਕਿਹਾ ਕਿ ਇਸ ਰਾਹੀਂ ਕਿਸਾਨਾਂ ਲਈ ਬਾਕਾਇਦਾ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੀ।

ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਵਚਨਬੱਧ

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਦੇ ਸਾਜ਼ਿਸ਼ ਘਾੜਿਆਂ ਤੇ ਇਸ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪਨਾਹ ਲਈ ਬੈਠੇ ਮੁਲਜ਼ਮਾਂ ਸਬੰਧੀ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਲਈ ਸੂਬਾ ਸਰਕਾਰ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਚੰਗਿਆਈਆਂ ਤੇ ਪ੍ਰਾਪਤੀਆਂ ਦੱਸਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਖਰਚੇ ਉਤੇ ਸਵਾਲ ਚੁੱਕਣ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਕਿ ਉਨ੍ਹਾਂ ਦੀ ਪਾਰਟੀ ਦੂਜੇ ਸੂਬਿਆਂ ਵਿੱਚ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ‘ਭਾਜਪਾ’ ਨੂੰ ਅਜਿਹੇ ਦੋਹਰੇ ਮਾਪਦੰਡਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

 

ਇਹ ਵੀ ਪੜ੍ਹੋ:  ਵਟਸਐਪ ਰਾਹੀਂ ਮਿਲੇਗੀ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ

ਇਹ ਵੀ ਪੜ੍ਹੋ:  ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ

ਸਾਡੇ ਨਾਲ ਜੁੜੋ :  Twitter Facebook youtube

SHARE