ਇੰਡੀਆ ਨਿਊਜ਼, ਚੰਡੀਗੜ੍ਹ (Cases of stubble burning in Punjab): ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ l ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਅੱਗ ਲੱਗਣ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।
ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜਿੱਥੇ ਇਨ-ਸੀਟੂ ਤੇ ਐਕਸ ਸੀਟੂ ਪ੍ਰਬੰਧਨ ਕੀਤਾ ਗਿਆ ਉਥੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਤ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਵੀ ਕੀਤਾ ਗਿਆ।
ਸੂਬੇ ਵਿੱਚ ਪਿਛਲੇ ਸਾਲ 2021 ਵਿੱਚ 15 ਸਤੰਬਰ ਤੋਂ 30 ਨਵੰਬਰ ਤੱਕ ਅੱਗ ਲੱਗਣ ਦੀਆਂ 71,304 ਘਟਨਾਵਾਂ ਵਾਪਰੀਆਂ ਜਦੋਂ ਕਿ ਇਸ ਸਾਲ ਇਸੇ ਸਮੇਂ ਦੌਰਾਨ 49,907 ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ। ਇਸ ਤਰ੍ਹਾਂ ਇਸ ਸਾਲ 30 ਫੀਸਦੀ ਕਮੀ ਦਰਜ ਕੀਤੀ ਗਈ।
ਪਰਾਲੀ ਸਾੜਨਾ ਸਮੁੱਚੇ ਭਾਰਤ ਦੀ ਸਮੱਸਿਆ
ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪਰਾਲੀ ਸਾੜਨਾ ਇਕੱਲੇ ਪੰਜਾਬ ਦੀ ਸਮੱਸਿਆ ਨਹੀਂ ਹੈ, ਇਹ ਸਮੁੱਚੇ ਭਾਰਤ ਦੀ ਸਮੱਸਿਆ ਹੈ। ਸੂਬਾ ਸਰਕਾਰ ਦੀ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਤਜ਼ਵੀਜ ਕੇਂਦਰ ਸਰਕਾਰ ਵੱਲੋਂ ਰੱਦ ਕਰਨ ਦੇ ਬਾਵਜੂਦ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਅੱਗ ਲੱਗਣ ਦੇ ਕੇਸ ਘਟੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਕੋਲੋਂ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਗਈ ਸੀ ਜਿਸ ਵਿੱਚ ਪੰਜਾਬ ਨੇ ਵੀ ਆਪਣਾ ਹਿੱਸਾ ਪਾਉਣਾ ਸੀ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਸੂਬੇ ਦੇ ਵਾਤਾਵਰਣ ਮੰਤਰੀਆਂ ਦੀਆਂ ਕਾਨਫਰੰਸ ਵਿੱਚ ਕੇਂਦਰ ਅੱਗੇ ਇਹ ਮੰਗ ਰੱਖੀ ਗਈ ਸੀ। ਜੇਕਰ ਕੇਂਦਰ ਵੱਲੋਂ ਹਾਂਪੱਖੀ ਹੁੰਗਾਰਾ ਮਿਲਦਾ ਤਾਂ ਅੱਗ ਲੱਗਣ ਦੇ ਕੇਸਾਂ ਵਿੱਚ ਹੋਰ ਗਿਰਾਵਟ ਦਰਜ ਹੋਣੀ ਸੀ।
ਇਹ ਵੀ ਪੜ੍ਹੋ: ਉੱਤਰੀ ਭਾਰਤ ਵਿੱਚ ਮੌਸਮ ਲਵੇਗਾ ਕਰਵਟ, ਜਾਣੋ ਆਪਣੇ ਰਾਜ ਦਾ ਮੌਸਮ
ਇਹ ਵੀ ਪੜ੍ਹੋ: ਦੇਸ਼ ਵਿੱਚ ਕੋਰੋਨਾ ਦੇ 291 ਨਵੇਂ ਮਾਮਲੇ ਸਾਹਮਣੇ ਆਏ
ਸਾਡੇ ਨਾਲ ਜੁੜੋ : Twitter Facebook youtube