Vigilance Action in Punjab : ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਤੇ ਉਸਦਾ ਡਰਾਈਵਰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

0
144
Vigilance Action in Punjab

ਚੰਡੀਗੜ੍ਹ, Vigilance Action in Punjab : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ਉਸਾਰੀ ਅਧੀਨ ਮਕਾਨਾਂ ਵਿੱਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ.ਡੀ.ਓ. ਅਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ ‘ਤੇ ਹੀ ਬਰਾਮਦ ਕਰ ਲਈ।

ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
SHARE