India News (ਇੰਡੀਆ ਨਿਊਜ਼), Central Health Department, ਚੰਡੀਗੜ੍ਹ : ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ ਉਪ ਸਕੱਤਰ ਡਾ. ਪੂਨਮ ਮੀਨਾ ਨੇ “ਵਿਕਸਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਸਿਹਤ ਬਲਾਕ ਬੂਥਗੜ੍ਹ ਵਿਚ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਅਤੇ ਜਾਗਰੂਕਤਾ ਵੈਨ ਰਾਹੀਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਦਾ ਜਾਇਜ਼ਾ ਲਿਆ।
ਪਿੰਡ ਧਨੌੜਾਂ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਹੋਰ ਸੀਨੀਅਰ ਸਿਹਤ ਅਧਿਕਾਰੀ ਸਨ। ਡਾ. ਪੂਨਮ ਨੇ ਪਿੰਡ ਵਿਚ ਮੈਡੀਕਲ ਕੈਂਪ ਦਾ ਨਿਰੀਖਣ ਕਰਦਿਆਂ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ’ਤੇ ਤਸੱਲੀ ਪ੍ਰਗਟ ਕੀਤੀ ਅਤੇ ਕੁੱਝ ਸੁਝਾਅ ਵੀ ਦਿਤੇ।
ਮੁਹਿੰਮ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਸਾਰੇ ਦੇਸ਼ ’ਚ ਚਲਾਈਆਂ ਜਾ ਰਹੀਆਂ ਇਨ੍ਹਾਂ ਵੈਨਾਂ ਜ਼ਰੀਏ ਲੋਕਾਂ ਨੂੰ ਵੱਖ-ਵੱਖ ਭਲਾਈ ਅਤੇ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦੇਣਾ ਹੈ। ਇਸ ਤੋਂ ਇਲਾਵਾ ਲਾਭਪਾਤਰੀਆਂ ਦੇ ਆਯੂਸ਼ਮਾਨ ਸਿਹਤ ਬੀਮਾ ਕਾਰਡ ਵੱਡੇ ਪੱਧਰ ’ਤੇ ਬਣਾਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਇਕ ਸਾਲ ’ਚ 5 ਲੱਖ ਰੁਪਏ ਤਕ ਦਾ ਮੁਫ਼ਤ ਸਿਹਤ ਬੀਮਾ ਮਿਲੇਗਾ।
ਕੋਈ ਵੀ ਕਾਰਡ ਧਾਰਕ ਕਿਸੇ ਵੀ ਸਰਕਾਰੀ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿਚ ਅਪਣਾ ਜਾਂ ਅਪਣੇ ਪਰਿਵਾਰਕ ਦਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਨੇ ਸੰਬੋਧਨ ਕਰਦਿਆਂ ਆਖਿਆ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਵਿਚ ਇਹ ਮੁਹਿੰਮ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ ਤੇ ਇਸ ਨੂੰ ਸਫ਼ਲ ਬਣਾਉਣ ਲਈ ਹਰ ਦਰਜੇ ਦੇ ਸਿਹਤ ਅਧਿਕਾਰੀ ਪੂਰੀ ਮਿਹਨਤ ਕਰ ਰਹੇ ਹਨ।
ਚੰਗੀ ਸਿਹਤ ਯਕੀਨੀ ਬਣਾਈ ਜਾ ਸਕੇ
ਉਨ੍ਹਾਂ ਦਸਿਆ ਕਿ ਕੈਂਪਾਂ ਦੌਰਾਨ ਜਿਥੇ ਲਾਭਪਾਤਰੀਆਂ ਦੇ ਸਿਹਤ ਬੀਮਾ ਆਯੂਸ਼ਮਾਨ ਕਾਰਡ ਬਣਾਏ ਜਾ ਰਹੇ ਹਨ, ਉਥੇ ਗ਼ੈਰ-ਸੰਚਾਰੀ ਬੀਮਾਰੀਆਂ ਅਤੇ ਟੀ.ਬੀ. ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂਕਿ ਸਾਰਿਆਂ ਦੀ ਚੰਗੀ ਸਿਹਤ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਭੁਪਿੰਦਰ ਸਿੰਘ, ਪਿੰਡ ਦੇ ਪਤਵੰਤੇ ਤੇ ਹੋਰ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ :Vigilance Caught Taking Bribe : ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ