India News (ਇੰਡੀਆ ਨਿਊਜ਼), Happy New Year, ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਮੋਹਾਲੀ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ਦੀ ਖੁਸ਼ੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ। 30 ਦਸੰਬਰ ਤੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪੰਜਾਬ ਮੰਡੀ ਬੋਰਡ ਮੁੱਖ ਦਫ਼ਤਰ ਵਿਖੇ ਪਾਏ ਗਏ। ਇਸ ਮੌਕੇ ਭਾਈ ਹਰਚੰਦ ਸਿੰਘ ਵੱਲੋਂ ਆਰਤੀ ਕੀਤੀ ਗਈ ਅਤੇ ਭਾਈ ਸਰੂਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵੱਲੋਂ ਕੀਰਤਨ ਕੀਤਾ ਗਿਆ।
ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ
ਇਸ ਮੌਕੇ ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਸਾਲ-2024 ਖੁਸ਼ੀਆਂ-ਖੇੜੇ, ਅਮਨ ਅਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਨੇ ਸੂਬੇ ਅਤੇ ਕਿਸਾਨਾਂ ਦੇ ਸਰਵਪੱਖੀ ਵਿਕਾਸ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾਂ ਮਿਆਰੀ ਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬਾਨ ਦੇ ਵਿਖਾਏ ਰਸਤੇ ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ।
ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਅਮ੍ਰਿਤ ਕੌਰ ਗਿਲ ਸਕੱਤਰ ਪੰਜਾਬ ਮੰਡੀ ਬੋਰਡ, ਗੀਤਿਕਾ ਸਿੰਘ ਜੁਆਇੰਟ ਸਕੱਤਰ ਪੰਜਾਬ ਮੰਡੀ ਬੋਰਡ, ਗੁਰਦੀਪ ਸਿੰਘ ਇੰਜੀਨੀਅਰ- ਇਨ- ਚੀਫ਼, ਮਨਜੀਤ ਸਿੰਘ ਸੰਧੂ ਜੀ.ਐਮ. ਅਸਟੇਟ ਸਹਿਤ ਸਮੂਹ ਉੱਚ ਅਧਿਕਾਰੀ, ਕਰਮਚਾਰੀ ਅਤੇ ਪੰਜਾਬ ਮੰਡੀ ਬੋਰਡ ਪੈਨਸ਼ਨਰਜ਼ ਐਸੋਸਿਏਸ਼ਨ ਤੋਂ ਗੁਰਨਾਮ ਸਿੰਘ ਸੈਣੀ, ਦਲੀਪ ਸਿੰਘ ਸਿੱਧੂ ਸਮੇਤ ਹੋਰ ਮੈਂਬਰ ਵੀ ਮੌਜੂਦ ਰਹੇ।