Extension Date Of Making Votes : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ, 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ-ਜ਼ਿਲ੍ਹਾ ਚੋਣ ਅਫ਼ਸਰ

0
67
Extension Date Of Making Votes

India News (ਇੰਡੀਆ ਨਿਊਜ਼), Extension Date Of Making Votes, ਚੰਡੀਗੜ੍ਹ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼ ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ।

ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ 30 ਅਪ੍ਰੈਲ 2024 ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ।

ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ

ਉਨ੍ਹਾਂ ਦੱਸਿਆ ਕਿ 1 ਮਈ 2024 ਤੋਂ 20 ਮਈ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿੰਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਈ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਜੂਨ 2024 ਹੋਵੇਗੀ।

ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ

ਉਨ੍ਹਾਂ ਦੱਸਿਆ ਕਿ 21 ਜੂਨ 2024 ਤੱਕ ਦਾਅਵਿਆਂ ਅਤੇ ਇਦਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਜੁਲਾਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ ਅਤੇ 3 ਜੁਲਾਈ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ ਨੰ. 1 ਪ੍ਰਾਪਤ ਕਰਦੇ ਸਮੇਂ ਇਸ ਗੱਲ ਵੱਲ ਖਾਸ ਧਿਆਨ ਦਿੱਤਾ ਜਾਵੇ ਕਿ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ ਅਤੇ ਉਹ ਕੇਸਾਧਾਰੀ ਸਿੱਖ ਹੋਵੇ।

ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ

ਉਨ੍ਹਾਂ ਵੱਲੋਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰ ਨਾਮਜ਼ਦ ਅਧਿਕਾਰੀ ਵੀ ਨਿਯਮਤ ਤੌਰ ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ, ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ :Mohali Got 35th Clinic : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਵਰਚੁਅਲ ਉਦਘਾਟਨ ਦੌਰਾਨ, ਮੋਹਾਲੀ ਨੂੰ ਬਲੌਂਗੀ ਵਿਖੇ 35ਵਾਂ ਆਮ ਆਦਮੀ ਕਲੀਨਿਕ ਮਿਲਿਆ

 

SHARE