- ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ
ਚੰਡੀਗੜ੍ਹ, PUNJAB NEWS (15 crore released for higher education institutions): ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ; ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮ੍ਰਿਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।
ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ
ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ਵਿੱਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਇੱਕਮੁਸ਼ਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।