“ਪੰਜਾਬ ਸਰਕਾਰ ਸੂਰਾਂ ਦੀ ਕਲਿੰਗ ਲਈ ਦੇਵੇਗੀ ਮੁਆਵਜ਼ਾ”: ਭੁੱਲਰ

0
200
African swine fever, SBS Nagar and Fazilka, Confirmation of African swine fever in samples
African swine fever, SBS Nagar and Fazilka, Confirmation of African swine fever in samples
  • ਐਸ.ਬੀ.ਐਸ. ਨਗਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੀਆਂ ਦੋ ਕਾਲੋਨੀਆਂ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

ਚੰਡੀਗੜ੍ਹ PUNJAB NEWS (African Swine Fever) : ਪੰਜਾਬ ਸਰਕਾਰ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਅਤੇ ਫ਼ਾਜ਼ਿਲਕਾ ਦੀਆਂ ਦੋ ਕਾਲੋਨੀਆਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ ਹੈ। ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਇਨ੍ਹਾਂ ਖੇਤਰਾਂ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਕਾਲੋਨੀ ਮੂਸਾਪੁਰ ਰੋਡ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਬਾਦਲ ਕਾਲੋਨੀ ਵਿੱਚ ਬੀਮਾਰੀ ਦੀ ਰੋਕਥਾਮ ਲਈ “ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009” ਅਤੇ “ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)” ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਮਾਰੀ ਦੇ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਣ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜ਼ੋਨ” ਹੋਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।

ਸੂਰਾਂ ਨੂੰ ਮਾਰਨ ਲਈ ਮੁਆਵਜ਼ਾ ਨੀਤੀ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਰਾਂ ਨੂੰ ਮਾਰਨ ਲਈ ਮੁਆਵਜ਼ਾ ਦੇਣ ਵਾਸਤੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵਿਭਾਗ ਵੱਲੋਂ ਨੋਟੀਫ਼ਾਈ ਕੀਤੇ ਗਏ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ਦੇ “ਸੰਕ੍ਰਮਣ ਜ਼ੋਨ” ਵਿੱਚ ਵਿਭਾਗ ਵੱਲੋਂ ਮਾਰੇ ਗਏ ਸੂਰਾਂ ਲਈ ਹੀ ਮੁਆਵਜ਼ਾ ਦਿੱਤਾ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੀ ਨੀਤੀ ਅਨੁਸਾਰ 15 ਕਿਲੋ ਤੱਕ ਵਜ਼ਨ ਵਾਲੇ ਸੂਰ ਦੀ ਕਲਿੰਗ ਲਈ 2200 ਰੁਪਏ, 15 ਕਿਲੋ ਤੋਂ 40 ਕਿਲੋ ਤੱਕ ਵਜ਼ਨ ਵਾਲੇ ਸੂਰ ਲਈ 5800 ਰੁਪਏ, 40 ਕਿਲੋ ਤੋਂ 70 ਕਿਲੋ ਤੱਕ ਵਜ਼ਨ ਵਾਲੇ ਸੂਰ ਲਈ 8400 ਰੁਪਏ, 70 ਕਿਲੋ ਤੋਂ 100 ਕਿਲੋ ਤੱਕ ਵਜ਼ਨ ਵਾਲੇ ਸੂਰ ਲਈ 12000 ਰੁਪਏ, 100 ਕਿਲੋ ਤੋਂ ਵੱਧ ਵਜ਼ਨ ਵਾਲੇ ਸੂਰ ਲਈ 15000 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

 

ਬੀਮਾਰੀ ਦੇ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਣ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜ਼ੋਨ” ਹੋਣਗੇ

 

ਇਸੇ ਤਰ੍ਹਾਂ, “ਸੰਕ੍ਰਮਣ ਜ਼ੋਨ” ਦੇ ਅੰਦਰ ਨਸ਼ਟ ਕੀਤੀ ਗਈ ਸੂਰਾਂ ਦੀ ਖ਼ੁਰਾਕ ਲਈ ਵੀ 22 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਅਦਾਇਗੀ ਸਬੰਧਤ ਸੂਰ ਪਾਲਕਾਂ ਦੇ ਬੈਂਕ ਖਾਤੇ ਵਿੱਚ ਸਿੱਧੀ ਜਮ੍ਹਾਂ ਕਰਵਾਈ ਜਾਵੇ।

 

ਕੈਬਨਿਟ ਮੰਤਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਅਫ਼ਰੀਕਨ ਸਵਾਈਨ ਫ਼ੀਵਰ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦਾ। ਇਸ ਲਈ ਮਨੁੱਖ ਜਾਂ ਹੋਰ ਪਸ਼ੂਆਂ ਨੂੰ ਇਸ ਤੋਂ ਲਾਗ ਲੱਗਣ ਦਾ ਕੋਈ ਡਰ ਨਹੀਂ।

 

ਇਹ ਵੀ ਪੜ੍ਹੋ: ਈ-ਕੇ.ਵਾਈ.ਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਜੁੜਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ

ਇਹ ਵੀ ਪੜ੍ਹੋ: 20 ਹਜਾਰ ਰੁਪਏ ਰਿਸ਼ਵਤ ਲੈਣ ਦੇ ਆਰੋਪ’ ਚ ਸਬ-ਇੰਸਪੈਕਟਰ ਤੇ ਕੇਸ ਦਰਜ

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਸਾਡੇ ਨਾਲ ਜੁੜੋ :  Twitter Facebook youtube

SHARE