ਮਾਨਸਾ ਦੇ ਪਿੰਡ ਤਲਵੰਡੀ ਅਕਲੀਆ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ

0
189
African swine fever spreading in Punjab
African swine fever spreading in Punjab
ਇੰਡੀਆ ਨਿਊਜ਼, ਚੰਡੀਗੜ੍ਹ (African swine fever spreading in Punjab): ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪਿੰਡ ਤਲਵੰਡੀ ਅਕਲੀਆ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ICAR) -ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਵੱਲੋਂ ਇਸ ਦੀ ਪੁਸ਼ਟੀ ਉਪਰੰਤ ਪਸ਼ੂ ਪਾਲਣ ਵਿਭਾਗ ਨੇ ਜ਼ਿਲ੍ਹੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰ ਦਿੱਤੀਆਂ ਹਨ।

ਸੂਬਾ ਸਰਕਾਰ ਨੇ ਲਾਈਆਂ ਪਾਬੰਧੀਆਂ

ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਤੱਕ ਦਾ ਖੇਤਰ “ਸੰਕ੍ਰਮਣ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦਾ ਖੇਤਰ “ਨਿਗਰਾਨੀ ਜ਼ੋਨ” ਐਲਾਨ ਦਿੱਤਾ ਗਿਆ ਹੈ। ਵਿਭਾਗ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਲਿਜਾਣ ਤੇ ਜ਼ੋਨ ਵਿੱਚ ਲਿਆਉਣ ਤੋਂ ਰੋਕਣਾ ਯਕੀਨੀ ਬਣਾਉਣ ਅਤੇ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਲਿਆਉਣ ਤੋਂ ਰੋਕਿਆ ਜਾਵੇ।

ਚਾਰ ਜ਼ਿਲ੍ਹਿਆਂ ‘ਚ 735 ਸੂਰਾਂ ਦੀ ਕਿਲਿੰਗ ਕੀਤੀ

ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਸੂਰਾਂ ਦੀ ਕਿਲਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਫ਼ਰੀਕਨ ਸਵਾਈਨ ਫ਼ੀਵਰ ਤੋਂ ਪ੍ਰਭਾਵਤ ਸੂਬੇ ਦੇ ਚਾਰ ਜ਼ਿਲ੍ਹਿਆਂ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਐਸਬੀਐਸ ਨਗਰ ਅਤੇ ਫ਼ਾਜ਼ਿਲਕਾ ਵਿੱਚ 735 ਸੂਰਾਂ ਦੀ ਕਿਲਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ 471, ਫ਼ਤਹਿਗੜ੍ਹ ਸਾਹਿਬ ਵਿੱਚ 68, ਐਸ.ਬੀ.ਐਸ. ਨਗਰ ਵਿੱਚ 176 ਅਤੇ ਫ਼ਾਜ਼ਿਲਕਾ ਵਿੱਚ 20 ਸੂਰਾਂ ਦੀ ਕਿਲਿੰਗ ਕੀਤੀ ਗਈ ਹੈ।
ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸੂਰਾਂ ਦੀ ਕਿਲਿੰਗ ਲਈ ਸੂਬਾ ਸਰਕਾਰ ਵੱਲੋਂ ਮੁਆਵਜ਼ਾ ਨੀਤੀ ਐਲਾਨੀ ਗਈ ਹੈ ਅਤੇ ਵਿਭਾਗ ਵੱਲੋਂ ਨੋਟੀਫ਼ਾਈ ਕੀਤੇ ਗਏ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ਦੇ “ਸੰਕ੍ਰਮਣ ਜ਼ੋਨ” ਵਿੱਚ ਵਿਭਾਗ ਵੱਲੋਂ ਮਾਰੇ ਗਏ ਸੂਰਾਂ ਲਈ ਹੀ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਦਰ ਨਾਲ ਮਿਲੇਗਾ ਮੁਆਵਜਾ

ਉਨ੍ਹਾਂ ਦੱਸਿਆ ਕਿ 15 ਕਿਲੋ ਤੱਕ ਵਜ਼ਨ ਵਾਲੇ ਸੂਰ ਦੀ ਕਿਲਿੰਗ ਲਈ 2200 ਰੁਪਏ, 15 ਕਿਲੋ ਤੋਂ 40 ਕਿਲੋ ਤੱਕ ਵਜ਼ਨ ਵਾਲੇ ਸੂਰ ਲਈ 5800 ਰੁਪਏ, 40 ਕਿਲੋ ਤੋਂ 70 ਕਿਲੋ ਤੱਕ ਵਜ਼ਨ ਵਾਲੇ ਸੂਰ ਲਈ 8400 ਰੁਪਏ, 70 ਕਿਲੋ ਤੋਂ 100 ਕਿਲੋ ਤੱਕ ਵਜ਼ਨ ਵਾਲੇ ਸੂਰ ਲਈ 12000 ਰੁਪਏ ਅਤੇ 100 ਕਿਲੋ ਤੋਂ ਵੱਧ ਵਜ਼ਨ ਵਾਲੇ ਸੂਰ ਲਈ 15000 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਜਦਕਿ “ਸੰਕ੍ਰਮਣ ਜ਼ੋਨ” ਅੰਦਰ ਨਸ਼ਟ ਕੀਤੀ ਗਈ ਸੂਰਾਂ ਦੀ ਖ਼ੁਰਾਕ ਲਈ 22 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਮਿਲੇਗੀ।

ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ

ਕੈਬਨਿਟ ਮੰਤਰੀ ਨੇ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੂਰਾਂ ਦੀ ਕਿਲਿੰਗ ਲਈ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਿਲਿੰਗ ਲਈ ਹੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ‘ਚ ਸੂਰਾਂ ਦੀ ਕਿਲਿੰਗ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ।
SHARE