ਬੁੱਢਾ ਨਾਲੇ ਦੀ ਸਫਾਈ ਸਬੰਧੀ ਵਿਧਾਨ ਸਭਾ ਕਮੇਟੀ ਦਾ ਗਠਨ

0
190
Budha Nala Cleaning Campaign
Budha Nala Cleaning Campaign
  • ਪੀਪੀਸੀਬੀ ਨੂੰ ਇੱਕ ਮਹੀਨੇ ਦੇ ਅੰਦਰ ਬੁੱਢੇ ਨਾਲੇ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼ 

ਦਿਨੇਸ਼ ਮੌਦਗਿਲ, Ludhiana News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਜੰਗੀ ਪੱਧਰ ‘ਤੇ ਪੂਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿਚ ਤਬਦੀਲ ਕਰਨ ਲਈ ਵਿਧਾਨ ਸਭਾ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਨਾਲ ਹੀ ਪਾਣੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਬਣੀ ਸੱਤ ਮੈਂਬਰੀ ਕਮੇਟੀ ਘੱਗਰ ਦਰਿਆ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਏਗੀ। ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਬੀਰਇੰਦਰ ਗੋਇਲ, ਕੁਲਵੰਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਆਲੀ ਅਤੇ ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹੋਣਗੇ।

ਪ੍ਰਦੂਸ਼ਣ ਕਿਸੇ ਵੀ ਰੂਪ ਵਿੱਚ ਮਨੁੱਖਤਾ ਵਿਰੁੱਧ ਅਪਰਾਧ

ਵਲੀਪੁਰ, ਗੌਂਸਪੁਰ ਅਤੇ ਹੋਰ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਨਾਲ-ਨਾਲ ਵੱਖ-ਵੱਖ ਪੁਆਇੰਟਾਂ ਦਾ ਨਿਰੀਖਣ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪ੍ਰਦੂਸ਼ਣ ਕਿਸੇ ਵੀ ਰੂਪ ਵਿੱਚ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਵਾਤਾਵਰਨ ਦੀ ਸੰਭਾਲ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੇ ਨਾਲ-ਨਾਲ ਕੀਮਤੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਕਮੇਟੀ ਵਿਸਤ੍ਰਿਤ ਰਿਪੋਰਟ ਸਰਕਾਰ ਨੂੰ ਸੌਪੇਗੀ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆ ਦੇ ਨਾਲ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦੀ ਕਮੇਟੀ ਜਿੱਥੇ ਬੁੱਢੇ ਨਾਲੇ ਅਤੇ ਘੱਗਰ ਦਰਿਆ ਦੀ ਸਥਿਤੀ ਦਾ ਬਾਰੀਕੀ ਨਾਲ ਮੁਆਇਨਾ ਕਰੇਗੀ ਉੱਥੇ ਇਸ ਦੇ ਕੰਮਕਾਜ ਅਤੇ ਐਸਟੀਪੀਜ਼ ਦੀ ਸਥਾਪਨਾ ਅਤੇ ਹੋਰ ਪ੍ਰੋਜੈਕਟਾਂ ਦੀ ਸਮੀਖਿਆ ਕਰੇਗੀ ਅਤੇ ਦੋਵਾਂ ਜਲ ਸਰੋਤਾਂ ਨੂੰ ਮੁੜ ਸੁਰਜੀਤ ਕਰਨ ਲਈ ਆਪਣੀਆਂ ਸਿਫ਼ਾਰਸ਼ਾਂ ਸਮੇਤ ਵਿਸਤ੍ਰਿਤ ਰਿਪੋਰਟ ਸਰਕਾਰ ਨੂੰ ਸੌਪੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਗੰਧਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਸਜ਼ਾ ਵੀ ਯਕੀਨੀ ਬਣਾਈ ਜਾਵੇਗੀ।

ਸੰਧਵਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਅਤੇ ਇੱਕ ਮਹੀਨੇ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਗੌਂਸਪੁਰ ਪਿੰਡ ਵਿੱਚ ਪੀਜੀਆਈ ਦੁਆਰਾ ਲੋਕਾਂ, ਖੇਤੀਬਾੜੀ, ਪਸ਼ੂਆਂ ਅਤੇ ਹੋਰਾਂ ਦੀ ਸਿਹਤ ‘ਤੇ ਦੂਸ਼ਿਤ ਪਾਣੀ ਦੇ ਪ੍ਰਭਾਵਾਂ ਬਾਰੇ ਵਾਤਾਵਰਣ ਅਧਿਐਨ ਕਰਨ ਦਾ ਵੀ ਐਲਾਨ ਕੀਤਾ।

ਇਹ ਰਹੇ ਮੌਜੂਦ

ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਵਧੀਕ ਨਗਰ ਨਿਗਮ ਕਮਿਸ਼ਨਰ ਆਦਿਤਿਆ ਡਚਲਵਾਲ, ਨਰੋਆ ਪੰਜਾਬ ਦੇ ਮੁਖੀ ਗੁਰਪ੍ਰੀਤ ਸਿੰਘ ਚੰਦਬਾਜਾ, ਇੰਜੀ: ਜਸਕੀਰਤ ਸਿੰਘ, ਕਪਿਲ ਅਰੋੜਾ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ:  ਮੰਦਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਵਾਲੇ ਦੋ ਕਾਬੂ

ਇਹ ਵੀ ਪੜ੍ਹੋ:  ਸੂਬੇ ਵਿੱਚ ਨਵੀਂ ਖੇਡ ਨੀਤੀ ਬਣੇਗੀ : ਮੀਤ ਹੇਅਰ

ਸਾਡੇ ਨਾਲ ਜੁੜੋ : Twitter Facebook youtube

SHARE