- ਸਿਮਰਨਜੀਤ ਸਿੰਘ ਮਾਨ ਪਹੁੰਚੇ ਪਿੰਡ ਮੂਸਾ, ਸਿੱਧੂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ
- ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅੰਤਰਰਾਸ਼ਟਰੀ ਪੱਧਰ ਤੇ ਜਾਂਚ ਕਰਵਾਉਣ ਦੀ ਕੀਤੀ ਮੰਗ
ਇੰਡੀਆ ਨਿਊਜ਼ PUNJAB NEWS : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪਿੰਡ ਮੂਸਾ ਪਹੁੰਚੇ। ਜਿੱਥੇ ਉਹਨਾਂ ਨੇ 29 ਮਈ ਨੂੰ ਪਿੰਡ ਜਵਾਹਰਕੇ ਵਿੱਚ ਅਨਜਾਣ ਹਮਲਾਵਰਾਂ ਵੱਲੋਂ ਗੋਲੀਆਂ ਮਾਰਕੇ ਕਤਲ ਕੀਤੇ ਗਏ ਸੁੱਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਸਾਂਸਦ ਸਿਮਰਨਜੀਤ ਮਾਨ ਨੇ ਜਿੱਥੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਅੰਤਰਰਾਸ਼ਟਰੀ ਪੱਧਰ ਤੇ ਜਾਂਚ ਕਰਵਾਉਣ ਦੀ ਮੰਗ ਕੀਤੀ, ਉੱਥੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਕਹਿਣ ਵਾਲੇ ਬਾਦਲਾਂ ਨੂੰ ਲੋਕਾਂ ਨੇ ਚੋਣਾਂ ਵਿੱਚ ਨਕਾਰ ਦਿੱਤਾ ਹੈ।
ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਘੰਟਾ ਭਰ ਮੁਲਾਕਾਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇ ਵਾਲਾ ਦੀ ਮੌਤ ਲਈ ਅੰਤਰਰਾਸ਼ਟਰੀ ਪੱਧਰ ਤੇ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਕਹਾਣੀ ਵਿੱਕੀ ਮਿੱਡੂਖੇੜਾ ਤੋਂ ਸ਼ੁਰੂ ਹੁੰਦੀ ਹੈ।
ਅਸੀਂ ਇਸ ਮਾਮਲੇ ਵਿੱਚ ਅੰਤਰ-ਰਾਸ਼ਟਰੀ ਜਾਂਚ ਦੀ ਮੰਗ ਕਰਦੇ ਹਾਂ
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਪੁਲਿਸ ਅਤੇ ਆਇਲੀ ਵੱਲੋਂ ਪਹਿਲਾਂ ਹੀ ਜਾਣਕਾਰੀ ਮਿਲ ਗਈ ਸੀ ਕਿ ਸਿਧੂ ਮੁਸੇ ਵਾਲਾ ਦਾ ਕਤਲ ਹੋਣ ਵਾਲਾ ਹੈ, ਉਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਕ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੀ ਸਕਿਓਰਟੀ ਵਾਪਸ ਲਈ ਗਈ ਜੋ ਕਿ ਇੱਕ ਸਿਆਸੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਅੰਤਰ-ਰਾਸ਼ਟਰੀ ਜਾਂਚ ਦੀ ਮੰਗ ਕਰਦੇ ਹਾਂ ਕਿਉਂਕਿ ਜਦੋ ਤਕ ਇਸ ਮਾਮਲੇ ਦੀ ਅੰਤਰਰਾਸ਼ਟਰੀ ਪੱਧਰ ਤੇ ਜਾਂਚ ਨਹੀਂ ਹੁੰਦੀ ਸਾਨੂੰ ਯਕੀਨ ਨਹੀ ਆਵੇਗਾ ਕਿ ਇਸ ਮਾਮਲੇ ਵਿੱਚ ਕੀ ਹੋਇਆ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਕੋਈ ਵੀ ਗ੍ਰਿਫ਼ਤਾਰੀ ਨਾ ਕੀਤੇ ਜਾਣ ਤੇ ਬੋਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸਰਕਾਰ ਦੇ ਅਧੀਨ ਕੰਮ ਕਰਦੀ ਹੈ ਅਤੇ ਪੁਲਿਸ ਦੇ ਹੱਥ ਬੰਨ੍ਹੇ ਹੋਏ ਹਨ, ਜਿਸ ਕਾਰਨ ਪੁਲਿਸ ਇਸ ਮਾਮਲੇ ਦੀ ਜਾਂਚ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਜਾਂ ਡੀਜੀਪੀ ਨੂੰ ਇਹ ਨਹੀਂ ਪੁੱਛ ਸਕਦੀ ਕਿ ਜਾਣਕਾਰੀ ਹੋਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਕਿਉਂ ਕੀਤੀ ਗਈ ਕਿਉਂਕਿ ਪੁਲਿਸ ਦੇ ਹੱਥ ਬੰਨ੍ਹੇ ਹੋਏ ਹਨ।
ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਖੁਦ ਨੂੰ ਬੇਕਸੂਰ ਕਹਿਣ ਅਤੇ ਝੂਠਾ ਫਸਾਏ ਜਾਨ ਤੇ ਬੋਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਫੈਸਲਾ ਕਰ ਦਿੱਤਾ ਹੈ, ਕਿਉਂਕਿ ਜੇਕਰ ਅਕਾਲੀ ਦਲ ਨੇ ਬਰਗਾੜੀ ਵਿਖੇ ਬੇਅਦਬੀ ਕੀਤੀ ਹੈ ਤਾਂ ਹੀ ਲੋਕਾਂ ਨੇ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਖੁਦ ਨੂੰ ਬੇਕਸੂਰ ਕਹਿਣਾ ਬੇਸ਼ਰਮੀ ਦੀ ਗੱਲ ਹੈ ਅਤੇ ਅੱਗੇ ਦੇਖੋ ਕੀ ਹੁੰਦਾ ਹੈ।