Chandigarh Dharna Of SKM : ਗਵਰਨਰ ਪੰਜਾਬ ਨੂੰ ਕੱਲ੍ਹ 11 ਵਜੇ ਦਿੱਤਾ ਜਾਵੇਗਾ ਮੰਗ ਪੱਤਰ :SKM

0
188
Chandigarh Dharna Of SKM

India News (ਇੰਡੀਆ ਨਿਊਜ਼), Chandigarh Dharna Of SKM, ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (SKM) ਵਲੋਂ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਦਿੱਤੇ ਜਾ ਰਹੇ ਤਿੰਨ ਰੋਜ਼ਾ ਧਰਨਿਆਂ ਦੇ ਦੂਜੇ ਦਿਨ ਅੱਜ ਕਿਸਾਨ ਮਰਦ ਔਰਤਾਂ ਦਾ ਜਨ ਸੈਲਾਬ ਉਮੜ ਪਿਆ।ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀ ਸੰਯੁਕਤ ਕਿਸਾਨ ਮੋਰਚਾ ਦੀ ਲੀਡਰਸ਼ਿਪ ਨੂੰ ਕੱਲ੍ਹ ਦਿਨੇ 11 ਵਜੇ ਗਵਰਨਰ ਪੰਜਾਬ ਨੂੰ ਮਿਲਣ ਲਈ ਸੱਦਾ ਮਿਲਿਆ ਹੈ।

ਜਦੋਂ ਕਿ ਅਧਿਕਾਰੀਆਂ ਰਾਹੀ ਪੰਜਾਬ ਸਰਕਾਰ ਨੂੰ ਲਿਖ ਕੇ ਭੇਜੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਵਲੋਂ ਹਾਲੇ ਤੱਕ ਕੋਈ ਹੁੰਗਾਰਾ ਨਾ ਭੇਜਣ ਦਾ ਸੰਯੁਕਤ ਕਿਸਾਨ ਮੋਰਚਾ ਨੇ ਸਖਤ ਨੋਟਿਸ ਲਿਆ ਹੈ। ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਇਸ ਮਾਮਲੇ ਤੇ ਵਿਚਾਰ ਵਟਾਂਦਰਾ ਕਰਦੇ ਹੋਏ ਫੈਸਲਾ ਕੀਤਾ ਗਿਆ ਕਿ ਗਵਰਨਰ ਪੰਜਾਬ ਨੂੰ ਮਿਲਣ ਮਗਰੋਂ ਤੁਰੰਤ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੱਜ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਨਿਰਭੈ ਸਿੰਘ ਢੁੱਡੀਕੇ, ਹਰਮੀਤ ਸਿੰਘ ਕਾਦੀਆਂ ਅਤੇ ਸਤਨਾਮ ਸਿੰਘ ਸਾਹਨੀ ਨੇ ਕੀਤੀ। ਦੂਜੇ ਪਾਸੇ ਧਰਨੇ ਵਿੱਚ ਅੱਜ ਪੰਜਾਬ ਦੇ ਕੋਨੇ ਕੋਨੇ ਤੋਂ ਟਰੈਕਟਰ ਟਰਾਲੀਆਂ ਤੇ ਕਿਸਾਨਾਂ ਦੀ ਆਮਦ ਲਗਾਤਾਰ ਜਾਰੀ ਰਹੀ।

ਟ੍ਰਿਬਿਊਨ ਚੌਕ ਨੂੰ ਜਾਂਦੇ ਜਗਤਪੁਰਾ ਬਾਈਪਾਸ ਉੱਪਰ ਖੜੀਆਂ ਹਜ਼ਾਰਾਂ ਟ੍ਰੈਕਟਰ ਟਰਾਲੀਆਂ ਇਤਿਹਾਸਕ ਦਿੱਲੀ ਮੋਰਚੇ ਦੀਆਂ ਯਾਦਾਂ ਤਾਜ਼ਾ ਕਰਵਾ ਰਹੀਆਂ ਹਨ। ਅੱਜ ਧਰਨੇ ਵਿੱਚ ਸਵੇਰੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਜਪੁਜੀ ਸਾਹਿਬ ਦੇ ਪਾਠ ਕਰਵਾਉਣ ਮਗਰੋਂ ਅਰਦਾਸ ਕਰਕੇ ਮਨਾਇਆ ਗਿਆ।

SKM ਦੀਆਂ ਮੰਗਾਂ

ਗਵਰਨਰ ਪੰਜਾਬ ਵਲੋਂ ਸੱਦਾ ਮਿਲਣ ਮਗਰੋਂ ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਕਿਸਾਨ ਲਹਿਰ ਵਿਰੁੱਧ ਲੋਕਾਂ ਨੂੰ ਗੁੰਮਰਾਹ ਕਰਨ ਲਈ ਦਿੱਤੇ ਜਾ ਰਹੇ ਗੈਰ ਜਿੰਮੇਵਾਰਾਨਾ ਬਿਆਨਾਂ ਨੂੰ ਆੜੇ ਹੱਥੀਂ ਲਿਆ। SKM ਬੁਲਾਰਿਆਂ ਨੇ ਕਿਹਾ ਕਿ ਆਪ ਸਰਕਾਰ ਨੂੰ ਮੁੱਖ ਮੰਤਰੀ ਦੇ ਅਜਿਹੇ ਬਿਆਨਾਂ ਦਾ ਸਿਆਸੀ ਖਮਿਆਜ਼ਾ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।

ਬੁਲਾਰਿਆਂ ਨੇ ਸਾਰੀਆਂ ਫਸਲਾਂ ਦੀ ਐਮ ਐਸ ਪੀ ਤੇ ਖਰੀਦ ਦੀ ਗਰੰਟੀ ਕਰੋ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2+50% ਦੇ ਫਾਰਮੂਲੇ ਨਾਲ ਫਸਲਾਂ ਦੇ ਭਾਅ ਤੈਅ ਕਰੋ, ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜਾ ਰੱਦ ਕਰੋ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ।

ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਉ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰ ਕੇ ਸਜ਼ਾ ਦਿਓ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਤੇ ਬਣਾਏ ਸਾਰੇ ਕੇਸ ਰੱਦ ਕਰੋ, ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਉ, ਨਿਊਜ਼ਕਲਿੱਕ ਖਿਲਾਫ ਦਰਜ ਕੀਤੀ ਐਫ ਆਈ ਆਰ ਰੱਦ ਕਰੋ, ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ, ਪਬਲਿਕ ਸੈਕਟਰ ਬਹਾਲ ਕਰੋ ਅਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ।

ਪਰਚਾ ਦਰਜ਼ ਕਰਨ ਦੀ ਨਿਖੇਧੀ

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਗੰਨੇ ਦੇ ਭਾਅ ਨੂੰ ਲੈਕੇ ਸੰਘਰਸ਼ ਕਰਨ ਵਾਲੇ ਕਿਸਾਨ ਆਗੂਆਂ ਤੇ ਪਰਚਾ ਦਰਜ਼ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਧਰਨੇ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ,ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਬੁਰਜ ਗਿੱਲ, ਸਤਨਾਮ ਸਿੰਘ ਬਹਿਰੂ,ਬਲਵਿੰਦਰ ਸਿੰਘ ਮੱਲੀਨੰਗਲ, ਜੰਗਵੀਰ ਸਿੰਘ ਚੌਹਾਨ,ਬਿੰਦਰ ਸਿੰਘ ਗੋਲੇਵਾਲਾ, ਸੁੱਖ ਗਿੱਲ ਮੋਗਾ ਨਛੱਤਰ ਸਿੰਘ ਜੈਤੋ,ਸਤਨਾਮ ਸਿੰਘ ਅਜਨਾਲਾ, ਡਾ ਦਰਸ਼ਨਪਾਲ ਪਹੁੰਚੇ ਹੋਏ ਸਨ।

ਇਸ ਤੋਂ ਇਲਾਵਾ ਰੁਲਦੂ ਸਿੰਘ ਮਾਨਸਾ , ਮੇਜ਼ਰ ਸਿੰਘ ਪੁੰਨਾਵਾਲ ਹਰਬੰਸ ਸਿੰਘ ਸੰਘਾ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਸ਼ਾਦੀਪੁਰ,ਹਰਜੀਤ ਰਵੀ, ਬਲਵਿੰਦਰ ਸਿੰਘ ਰਾਜੂਔਲਖ,ਅਮੋਲਕ ਸਿੰਘ ਤਰਨਤਾਰਨ, ਕਿਰਪਾ ਸਿੰਘ ਨੱਥੂਵਾਲਾ,ਜਗਮਨਦੀਪ ਸਿੰਘ ਪੜੀ, ਕਿਰਨਜੀਤ ਸਿੰਘ ਸੇਖੋਂ, ਵੀਰਪਾਲ ਸਿੰਘ ਢਿੱਲੋਂ , ਕੁਲਦੀਪ ਸਿੰਘ ਵਜੀਦਪੁਰ ਅਤੇ ਦਵਿੰਦਰ ਸਿੰਘ ਸੰਧੂ ਨੇ ਸੰਬੋਧਨ ਕੀਤਾ।

ਇਹ ਵੀ ਪੜ੍ਹੋ :New SSP Of Rupnagar : ਰੂਪਨਗਰ ਦੇ ਨਵੇਂ ਐਸਐਸਪੀ ਵਜੋਂ ਆਈਪੀਐਸ ਗੁੱਲ ਨੀਤ ਸਿੰਘ ਖੁਰਾਨਾ ਨੇ ਕੀਤਾ ਜੁਆਇਨ

 

SHARE