ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ-9501200200 ਜਾਰੀ
ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
CORRUPTION FREE PUNJAB ਇਕ ਮਹੀਨੇ ਵਿਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਪ੍ਰਣ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ
ਸ਼ਹੀਦਾਂ ਦੀ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਨੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ
ਇੰਡੀਆ ਨਿਊਜ਼, ਹੁਸੈਨੀਵਾਲਾ (ਫਿਰੋਜ਼ਪੁਰ)
CORRUPTION FREE PUNJAB ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੁੱਖ ਮੰਤਰੀ ਨੇ ਅੱਜ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ ਅਤੇ ਇਕ ਮਹੀਨੇ ਵਿੱਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਅਹਿਦ ਲਿਆ।
ਅੱਜ ਇੱਥੇ ਸ਼ਹੀਦ-ਏ-ਆਜਮ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ।
ਮੁੱਖ ਮੰਤਰੀ ਨੇ ਕਿਹਾ, ‘‘ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿੱਤੀ ਜਾਵੇ ਜਿਸ ਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।‘‘
ਸਮੂਹ ਪੰਜਾਬੀਆਂ ਤੋਂ ਪੂਰਨ ਸਹਿਯੋਗ ਦੀ ਮੰਗ CORRUPTION FREE PUNJAB
ਮੁੱਖ ਮੰਤਰੀ ਨੇ ਕਿਹਾ, ‘‘ਮੈਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ ਅਤੇ ਅੱਜ ਦੇ ਇਸ ਦਿਹਾੜੇ ਮੌਕੇ ਮੈਂ ਭਿ੍ਰਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਪਰ ਮੈਂ ਸਮੂਹ ਪੰਜਾਬੀਆਂ ਤੋਂ ਇਸ ਮਕਸਦ ਲਈ ਪੂਰਨ ਸਹਿਯੋਗ ਦੀ ਮੰਗ ਕਰਦਾ ਹਾਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।‘‘
ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਅਜ਼ਾਦ ਭਾਰਤ ਦੇ ਸੰਜੋਏ ਹੋਏ ਸੁਪਨੇ ਸਾਕਾਰ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ ਅਤੇ ਅਸੀਂ ਲੋਕਾਂ ਨਾਲ ਸਾਫ਼-ਸੁਥਰਾ ਤੇ ਇਮਾਨਦਾਰ ਸ਼ਾਸਨ ਦੇਣ ਦੇ ਕੀਤੇ ਗਏ ਵਾਅਦੇ ਨੂੰ ਹਰ ਹਾਲ ਵਿੱਚ ਪੂਰਾ ਕਰਾਂਗੇ। ਉਨਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਘਰ-ਘਰ ਪਹੁੰਚਾਏਗੀ।
ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਰੂਪ ਦੇਣ ਸਮੇਤ ਲੋਕਾਂ ਦੇ ਹਿੱਤ ਵਿੱਚ ਹੋਰ ਵੀ ਕਈ ਫੈਸਲੇ ਲਏ ਜਾ ਰਹੇ ਹਨ।
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਲਿਖਿਆ, ‘‘ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ‘ਤੇ ਮੱਥਾ ਟੇਕ ਕੇ ਬਹੁਤ ਸਕੂਨ ਮਿਲਿਆ। ਅੱਜ ਉਨਾਂ ਦੀ ਸੁਪਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਇਹੋ ਅਰਦਾਸ ਹੈ ਕਿ ਸ਼ਹੀਦਾਂ ਦੀ ਆਤਮਾ ਅਤੇ ਪਰਮਾਤਮਾ ਸਾਨੂੰ ਸਮੱਤ ਅਤੇ ਬਲ ਬਖਸ਼ੇ।‘‘
ਮੁੱਖ ਮੰਤਰੀ ਨੇ ਅੱਜ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਤੋਂ ਇਲਾਵਾ ਰਾਜ ਮਾਤਾ ਵਿਦਿਆਵਤੀ ਅਤੇ ਸ੍ਰੀ ਬੀ.ਕੇ. ਦੱਤ ਆਦਿ ਸ਼ਹੀਦਾਂ ਦੀਆਂ ਸਮਾਧਾਂ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ, ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ, ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸ.ਐਸ.ਪੀ. ਨਰਿੰਦਰ ਭਾਰਗਵ ਵੀ ਹਾਜ਼ਰ ਸਨ। CORRUPTION FREE PUNJAB
Also Read : Majithia’s judicial custody increased ਮਜੀਠੀਆ 5 ਅਪਰੈਲ ਤੱਕ ਜੇਲ੍ਹ ਵਿੱਚ ਰਹੇਗਾ
Also Read : Wonder Cement is Flouting the rules ਵੰਡਰ ਸੀਮਿੰਟ ਫੈਕਟਰੀ ‘ਚੋਂ ਨਿਕਲਿਆ ਜ਼ਹਿਰੀਲਾ ਧੂੰਆਂ, ਨਿੰਬੜਾ ਦੀ ਜ਼ਮੀਨ ਬਣੀ ਬੰਜਰ