India News (ਇੰਡੀਆ ਨਿਊਜ਼), Development Work In Urban Areas, ਚੰਡੀਗੜ੍ਹ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਵੱਖ-ਵੱਖ ਟਿਊਬਵੈੱਲ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਨਾਲ ਹੀ ਉਨ੍ਹਾਂ ਸਬੰਧਤ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਣ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਲਗਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ‘ਤੇ ਤਿਆਰ ਕਰਨ ਲਈ ਲੋੜੀਂਦੇ ਸਾਰੇ ਕੰਮ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪਛਾਣੇ ਗਏ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਸੀਵਰੇਜ ਦੇ ਪਾਣੀ ਦਾ ਸਹੀ ਪ੍ਰਬੰਧਨ ਹੋਵੇਗਾ ਸਗੋਂ ਹੜ੍ਹ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਟ੍ਰੀਟ ਕੀਤੇ ਪਾਣੀ ਨੂੰ ਵੱਖ-ਵੱਖ ਥਾਵਾਂ ‘ਤੇ ਸਿੰਚਾਈ ਅਤੇ ਹੋਰ ਉਦੇਸ਼ਾਂ ਲਈ ਵਰਤਿਆ ਜਾਵੇਗਾ।
ਆਵਾਰਾ ਪਸ਼ੂਆਂ ਨਾਲ ਨਜਿੱਠਣ ਲਈ ਯੋਗ ਉਪਰਾਲੇ
ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਨਗਰ ਨਿਗਮ ਮੁਹਾਲੀ ਅਧੀਨ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ 100 ਫੀਸਦੀ ਹੈ। ਜ਼ਿਲ੍ਹੇ ਦੀਆਂ 06 ਨਗਰ ਕੌਂਸਲਾਂ ਵਿੱਚ ਘਰ-ਘਰ ਜਾ ਕੇ 100 ਫੀਸਦੀ ਕੂੜਾ ਚੁੱਕਣ ਦਾ ਕੰਮ ਚੱਲ ਰਿਹਾ ਹੈ ਜਦੋਂਕਿ ਡੇਰਾਬੱਸੀ ਵਿੱਚ ਇਸ ਵਿੱਚੋਂ 85 ਫੀਸਦੀ ਕੰਮ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਆਵਾਰਾ ਪਸ਼ੂਆਂ ਨਾਲ ਨਜਿੱਠਣ ਲਈ ਯੋਗ ਉਪਰਾਲੇ ਕਰਨ। ਉਨ੍ਹਾਂ ਨਗਰ ਨਿਗਮ ਮੁਹਾਲੀ ਵੱਲੋਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਸ਼ੀਨੀ ਵਾਹਨਾਂ ਅਤੇ ਰਿਕਸ਼ਾ ਰੇਹੜੀਆਂ ਦੀ ਖਰੀਦ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
ਏ.ਡੀ.ਸੀ.ਮਾਨ ਨੇ ਸਤਹੀ ਜਲ ਸਪਲਾਈ ਪ੍ਰੋਜੈਕਟਾਂ ਸਬੰਧੀ ਕਾਰਵਾਈ ਨੂੰ ਤੇਜ਼ ਕਰਨ ਦੇ ਆਦੇਸ਼ ਵੀ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਐਸ.ਟੀ.ਪੀਜ਼ ਅਤੇ ਈ.ਟੀ.ਪੀਜ਼ ਸਮੇਤ ਵੱਧ ਤੋਂ ਵੱਧ ਸੈਂਪਲ ਨਿਯਮਤ ਤੌਰ ‘ਤੇ ਲੈਣ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਮੁਹਿੰਮਾਂ ਸਮੇਤ ਸਰੋਤਾਂ ‘ਤੇ ਰਹਿੰਦ-ਖੂੰਹਦ ਨੂੰ ਅਲੱਗ-ਥਲੱਗ ਕਰਨ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ।
ਸਿੰਗਲ ਯੂਜ਼ ਪਲਾਸਟਿਕ’ ਨੂੰ ਰੋਕਣ ਲਈ ਸਖ਼ਤ ਕਦਮ
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਆ ਰਹੀ ਹੈ ਤਾਂ ਇਸ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਨਹੀਂ ਤਾਂ ਇਨ੍ਹਾਂ ਕੰਮਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਮੁਹਾਲੀ ਅਤੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ‘ਸਿੰਗਲ ਯੂਜ਼ ਪਲਾਸਟਿਕ’ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਮੁਹਾਲੀ ਅਤੇ ਖਰੜ ਦੇ ਐਸਡੀਐਮ ਚੰਦਰਜੋਤੀ ਸਿੰਘ ਅਤੇ ਗੁਰਬੀਰ ਸਿੰਘ ਕੋਹਲੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ :Traffic Management System : ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ