ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ

0
128
Farmers Daughters Flying Officers in Air Force
  • ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ
  • ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ

Farmers Daughters Flying Officers in Air Force : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ।

ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਸ. ਜਸਪ੍ਰੀਤ ਸਿੰਘ ਦੀ ਧੀ ਹੈ ਜਦੋਂਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਸ. ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿੱਚ ਹੋਵੇਗੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ‘ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਮਾਈ ਭਾਗੋ ਏ.ਐਫ.ਪੀ.ਆਈ., ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇੱਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿੱਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ਵਿੱਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

SHARE