• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਦੀ ਅਗਵਾਈ ਹੇਠ ਵਫ਼ਦ ਨੇ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼ ਦਾ ਕੀਤਾ ਦੌਰਾ
ਇੰਡੀਆ ਨਿਊਜ਼, ਚੰਡੀਗੜ੍ਹ (Film City in Punjab): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੌਮੀ ਤੇ ਕੌਮਾਂਤਰੀ ਫਿਲਮ ਅਤੇ ਸੰਗੀਤ ਜਗਤ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਉੱਤਰੀ ਭਾਰਤ ਦੀ ਪਹਿਲੀ ਅਤੇ ਵਿਲੱਖਣ ਫਿਲਮ ਤੇ ਮਨੋਰੰਜਨ ਸਿਟੀ ਸਥਾਪਤ ਕਰਨ ਵੱਲ ਤਵੱਜੋ ਦੇ ਰਹੀ ਹੈ, ਜਿਸ ਨਾਲ ਪੰਜਾਬੀ ਫਿਲਮ ਅਤੇ ਸੰਗੀਤ ਜਗਤ ਨੂੰ ਦੇਸ਼-ਵਿਦੇਸ਼ ਵਿੱਚ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਮੰਚ ਮਿਲੇਗਾ।
ਸੂਬੇ ਵਿੱਚ ਫਿਲਮ ਸਿਟੀ ਦੀ ਸਥਾਪਨਾ ਲਈ ਬੁਨਿਆਦੀ ਢਾਂਚੇ, ਸੰਕਲਪ ਅਤੇ ਹੋਰ ਲੋੜਾਂ ਦਾ ਵਿਸਥਾਰ ਨਾਲ ਅਧਿਐਨ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇੱਕ ਵਫ਼ਦ ਸਮੇਤ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼, ਹੈਦਰਾਬਾਦ ਦਾ ਦੌਰਾ ਕੀਤਾ।
ਪੰਜਾਬ ਸਰਕਾਰ ਮਨੋਰੰਜਨ ਸਿਟੀ ਦੀ ਸਥਾਪਨਾ ਕਰਨ ਵੱਲ ਸੇਧਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਨੋਰੰਜਨ ਉਦਯੋਗ ਲਈ ਢੁਕਵੇਂ ਸਥਾਨ ‘ਤੇ ਅਤਿ-ਆਧੁਨਿਕ ਫਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਕਰਨ ਵੱਲ ਸੇਧਤ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਫਿਲਮ ਸਨਅਤ ਲਈ ਖਿੱਚ ਦਾ ਕੇਂਦਰ ਰਿਹਾ ਹੈ ਪਰ ਇੱਥੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸਾਜ਼ੋ-ਸਾਮਾਨ ਦੀ ਘਾਟ ਹਮੇਸ਼ਾ ਰੜਕਦੀ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕੁਦਰਤੀ ਸੁੰਦਰਤਾ, ਚਾਰ ਰੁੱਤਾਂ ਅਤੇ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਲਈ ਜਾਣੇ ਜਾਂਦੇ ਪੰਜਾਬ ਵਿੱਚ ਕੈਮਰੇ ਦੀਆਂ ਲੋੜਾਂ ਪੂਰਾ ਕਰਨ ਦੀ ਅਥਾਹ ਸਮਰੱਥਾ ਹੈ।
ਹੈਦਰਾਬਾਦ ਦੇ ਮਨੋਰੰਜਨ ਮਾਹਿਰਾਂ ਦੇ ਫੀਡਬੈਕ ਸਾਂਝੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚਲੇ ਦੋ ਕੌਮਾਂਤਰੀ ਹਵਾਈ ਅੱਡਿਆਂ, ਸੂਬੇ ਦੇ ਹਰ ਪਿੰਡ ਤੱਕ ਪਹੁੰਚ ਰੱਖਣ ਵਾਲੇ ਭਾਰਤ ਦੇ ਸਭ ਤੋਂ ਵਧੀਆ ਸੜਕੀ ਸੰਪਰਕ, ਰੇਲ ਸੰਪਰਕ ਅਤੇ ਆਧੁਨਿਕ ਜੀਵਨ ਸ਼ੈਲੀ ਹਾਲੀਵੁੱਡ, ਬਾਲੀਵੁੱਡ, ਪਾਲੀਵੁੱਡ ਅਤੇ ਟਾਲੀਵੁੱਡ ਨੂੰ ਸੂਬੇ ਵੱਲ ਖਿੱਚਣ ਲਈ ਅਹਿਮ ਹਥਿਆਰ ਹਨ।
ਇਹ ਵੀ ਪੜ੍ਹੋ: ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ
ਸਾਡੇ ਨਾਲ ਜੁੜੋ : Twitter Facebook youtube