India News (ਇੰਡੀਆ ਨਿਊਜ਼), Government Schools Of Punjab, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼ 2, ਬਲਾਕ ਖਰੜ, ਐੱਸ.ਏ.ਐਸ. ਨਗਰ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।
ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ
ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇੱਕ ਪਵਿੱਤਰ ਕਾਰਜ ਦੀ ਸ਼ੁਰੂਆਤ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ, ਉਹ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਿੱਚ ਸਰਕਾਰ ਦਾ ਹਰ ਇਕ ਨੁਮਾਇੰਦਾ ਆਪਣਾ ਫਰਜ਼ ਪੂਰਾ ਕਰ ਰਿਹਾ ਹੈ।
ਸਰਕਾਰ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਇਹ ਟੀਚਾ ਹੈ ਕਿ ਵਧ ਤੋਂ ਵਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਵੱਡਮੁੱਲੇ ਤਜਰਬੇ ਅਤੇ ਸਰਕਾਰੀ ਸਕੂਲਾਂ ਦੇ ਚੰਗੇ ਬੁਨਿਆਦੀ ਢਾਂਚੇ ਦਾ ਲਾਹਾ ਲੈਣ।
ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ
ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜ ਕਾਲ ਦੌਰਾਨ ਲੋਕ ਸਰਕਾਰੀ ਸਕੂਲਾਂ ਦਾ ਰਾਹ ਹੀ ਭੁੱਲ ਗਏ ਸਨ। ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਵੱਡੀ ਗਿਣਤੀ ਪ੍ਰਾਈਵੇਟ ਸਕੂਲ ਹੋਂਦ ਵਿੱਚ ਆਏ, ਜਦਕਿ ਨਾ ਤਾਂ ਬਹੁਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਵਰਗਾ ਢਾਂਚਾ ਹੈ ਤੇ ਨਾ ਹੀ ਚੰਗੇ ਅਧਿਆਪਕ ਹਨ, ਜਿਸ ਕਾਰਨ ਲੋਕਾਂ ਦੀ ਲੁੱਟ ਹੁੰਦੀ ਰਹੀ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆ ਕੇ ਦਿਖਾਈ ਹੈ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸਾਰੇ ਮਾਪੇ ਇਹ ਚਾਹੁਣਗੇ ਕਿ ਉਹਨਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਮਿਲੇ।
ਸਰਕਾਰੀ ਸਕੂਲਾਂ ਵਿਚ ਅਧਿਆਪਕ ਲਿਆਕਤ ਵਾਲੇ
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕ ਬਹੁਤ ਲਿਆਕਤ ਵਾਲੇ ਹਨ। ਵਿਦਿਆਰਥੀਆਂ ਨੂੰ ਉਸ ਲਿਆਕਤ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਬਹੁਤ ਜ਼ਿਆਦਾ ਸਹੂਲਤਾਂ ਤੇ ਚੰਗਾ ਢਾਂਚਾ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤਾ ਜਾ ਰਿਹਾ ਹੈ।
ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਮਯਾਬ ਹੋਣ ਤੋਂ ਕੋਈ ਨਹੀਂ ਰੋਕ ਸਕਦਾ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਅਧਿਆਪਕ ਪੂਰੀ ਤਨਦੇਹੀ ਨਾਲ ਕੰਮ ਕਰਨ, ਜਿਸ ਨਾਲ ਸਮਾਜ ਤਰੱਕੀ ਕਰ ਸਕੇ। ਉਹਨਾਂ ਕਿਹਾ ਕਿ ਇਨਸਾਨ ਹੋਰ ਕਿਸੇ ਵੀ ਇਨਸਾਨ ਨੂੰ ਭੁੱਲ ਸਕਦਾ ਹੈ ਪਰ ਆਪਣੇ ਅਧਿਆਪਕ ਨੂੰ ਕਦੇ ਨਹੀਂ ਭੁੱਲ ਸਕਦਾ। ਇਸ ਮੌਕੇ ਵਿਦਿਆਰਥੀਆਂ ਵੱਲੋਂ “ਸਰਕਾਰੀ ਸਕੂਲ ਸ਼ਾਨ ਬਣਨਗੇ, ਪੰਜਾਬ ਦਾ ਮਾਣ ਬਣਨਗੇ” ਦੇ ਲਾਏ ਨਾਅਰਿਆਂ ਨਾਲ ਅਸਮਾਨ ਗੂੰਜਦਾ ਰਿਹਾ।
ਇਹ ਵੀ ਪੜ੍ਹੋ :Ban On Arms : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ