ਇੰਡੀਆ ਨਿਊਜ਼, ਜਗਰਾਉਂ (Health Facilities in Punjab): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ। ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਚੋਣਾਂ ਦੌਰਾਨ ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਦੀ ਕੋਸ਼ਿਸ਼
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਲਈ ਵੱਡੀ ਪੱਧਰ ‘ਤੇ ਭਰਤੀ ਮੁਹਿੰਮ ਵਿੱਢੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਇੱਕੋ-ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮਿਲ ਸਕਣ।
ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰੀ ਹਸਪਤਾਲਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਨਵੇਂ ਹਸਪਤਾਲ ਖੋਲ੍ਹਣ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਛੇਤੀ ਹੀ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਸ ਨਾਲ ਪੰਜਾਬ ਮੈਡੀਕਲ ਸਿੱਖਿਆ ਦੇ ਕੇਂਦਰ ਵਿੱਚ ਬਦਲ ਜਾਵੇਗਾ।
ਇਹ ਵੀ ਪੜ੍ਹੋ: ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ਵਿੱਚ ਹੋਵੇਗਾ ਮੁਕੰਮਲ: ਭਗਵੰਤ ਮਾਨ
ਇਹ ਵੀ ਪੜ੍ਹੋ: ਵਟਸਐਪ ਰਾਹੀਂ ਮਿਲੇਗੀ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ
ਸਾਡੇ ਨਾਲ ਜੁੜੋ : Twitter Facebook youtube