- ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ
ਐਸ.ਏ.ਐਸ.ਨਗਰ/ਚੰਡੀਗੜ, PUNJAB NEWS (Instruction to take strict action against the culprits without any pressure) : ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ। ਉਨ੍ਹਾਂ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਮੰਤਰੀ ਵੱਲੋਂ ਅੱਜ ਮੁਹਾਲੀ ਵਿਖੇ ਪੁਲਿਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵ ਕਾਰਨ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਨਸ਼ੇ ਦਾ ਆਦੀ ਮਨੁੱਖ ਜਿਥੇ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ, ਉਥੇ ਸ਼ਰੀਰਕ ਤੌਰ ਤੇ ਵੀ ਕਮਜੋਰ ਹੋ ਜਾਂਦਾ ਹੈ। ਉਨ੍ਹਾ ਕਿਹਾ ਕਿ ਨਸ਼ੇ ਨਾਲ ਗ੍ਰਸਤ ਨੌਜਵਾਨ ਦੇਸ਼ ਬਾਰੇ ਤਾਂ ਕੀ ਆਪਣੇ ਅਤੇ ਆਪਣੇ ਪਰਿਵਾਰ ਬਾਰੇ ਵੀ ਨਹੀਂ ਸੋਚਦਾ, ਉਹ ਨਸ਼ੇ ਤੋਂ ਛੁਟਕਾਰਾ ਪਾਉਣ ਦੀ ਬਜਾਏ ਆਪਣੇ ਸਮੂਹ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰਦਾ ਹੈ।
ਨਸ਼ੇ ਨਾਲ ਗ੍ਰਸਤ ਨੌਜਵਾਨ ਦੇਸ਼ ਬਾਰੇ ਤਾਂ ਕੀ ਆਪਣੇ ਅਤੇ ਆਪਣੇ ਪਰਿਵਾਰ ਬਾਰੇ ਵੀ ਨਹੀਂ ਸੋਚਦਾ
ਉਨ੍ਹਾ ਪੁਲਿਸ ਪ੍ਰਸਾਸ਼ਨ ਵੱਲੋਂ ਨਸ਼ੇ ਦੇ ਖਾਤਮੇ ਲਈ ਆਰੰਭ ਕੀਤੀ ਮੁਹਿੰਮ ਨੂੰ ਹੋਰ ਤੇਜ ਕਰਨ ਤੇ ਜੋਰ ਦਿੰਦਿਆਂ ਕਿਹਾ ਕਿ ਨਸ਼ੇ ਨੂੰ ਸੂਬੇ ਵਿੱਚੋਂ ਹਰ ਹਾਲਤ ਵਿੱਚ ਖਤਮ ਕੀਤਾ ਜਾਣਾ ਹੈ ਇਸ ਮੁਹਿਮ ਵਿੱਚ ਪੁਲਿਸ ਵੱਡਾ ਰੋਲ ਨਿਭਾ ਸਕਦੀ ਹੈ। ਇਸ ਮੌਕੇ ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਨੂੰ ਫੈਲਾਉਣ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆ ਵਿਰੁੱਧ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ।
ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਹਰ ਹਾਲਤ ਵਿੱਚ ਖਤਮ ਕਰ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਨਸ਼ਿਆਂ ਦੀ ਸੌਦਾਗਰੀ ਕਰਨ ਅਤੇ ਨਸ਼ਿਆਂ ਨੂੰ ਫੈਲਾਉਣ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਵਿੱਚ ਜੇਕਰ ਕਿਸੇ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਮੁਲਾਜ਼ਮ ਵਿਰੁੱਧ ਵੀ ਸ਼ਖਤੀ ਨਾਲ ਨਿਪਟਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁਟ ਹੋ ਕੇ ਨਸ਼ਿਆਂ ਨੂੰ ਜੜੋਂ ਖਤਮ ਲਈ ਪੁਲਿਸ ਅਤੇ ਪ੍ਰਸਾਸਨ ਦਾ ਸਾਥ ਦੇਣ ਤਾਂ ਜੋ ਨੌਜਵਾਨ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਣਾ ਕਰ ਸਕਣ।
ਇਸ ਮੌਕੇ ਐਸ.ਪੀ.(ਆਰ) ਨਵਰੀਤ ਸਿੰਘ ਵਿਰਕ, ਐਸ.ਪੀ.ਇੰਨਵੈਸਟੀਗੇਸ਼ਨ ਅਮਨਦੀਪ ਬਰਾੜ, ਡੀ.ਐਸ.ਪੀ ਖਰੜ-2 ਧਰਮਵੀਰ ਸਿੰਘ, ਡੀ.ਐਸ.ਪੀ ਖਰੜ-1 ਰੁਪਿੰਦਰ ਕੌਰ ਸੋਹੀ ਤੋਂ ਇਲਾਵਾ ਹੋਰ ਥਾਣਿਆਂ ਦੇ ਮੁੱਖ ਅਫਸਰ ਮੌਜੂਦ ਸਨ।
ਇਹ ਵੀ ਪੜ੍ਹੋ: ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 29 ਸਤੰਬਰ ਤੱਕ ਮੁਲਤਵੀ
ਇਹ ਵੀ ਪੜ੍ਹੋ: ਅਮਨਦੀਪ ਸਿੰਘ ਮੋਹੀ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਸਾਡੇ ਨਾਲ ਜੁੜੋ : Twitter Facebook youtube