ਪੰਜਾਬੀ ਬੋਲਣ ਉਤੇ ਜੁਰਮਾਨੇ ਲਗਾਉਣਾ ਗੈਰ-ਵਾਜਬ : ਮੁੱਖ ਮੰਤਰੀ

0
154
Inter-University Youth Fair
Inter-University Youth Fair

ਇੰਡੀਆ ਨਿਊਜ਼, ਪਟਿਆਲਾ (Inter-University Youth Fair): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ। ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਉਤੇ ਜੁਰਮਾਨੇ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਹੈ ਕਿਉਂਕਿ ਸੂਬੇ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ।

Inter-University Youth Fair

ਭਗਵੰਤ ਮਾਨ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਅਜਿਹੇ ਜੁਰਮਾਨੇ ਲਾਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ। ਪੰਜਾਬ ਨੂੰ ਦੁਨੀਆ ਭਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ, ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ।

ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਨੌਜਵਾਨ ਸੂਬੇ ਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਸਾਰੂ ਯੋਗਦਾਨ ਪਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡੇ ਪੱਧਰ ਉਤੇ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਹੁਣ ਤੱਕ 20,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੌਂਪ ਦਿੱਤੇ ਹਨ ਅਤੇ ਹੋਰ ਭਰਤੀ ਵੀ ਪ੍ਰਕਿਰਿਆ ਅਧੀਨ ਹੈ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਤਨ ਸਿੰਘ ਜੌੜੇਮਾਜਰਾ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਪੰਜਾਬੀ ਯੂਨਿਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਤੇ ਹੋਰ ਹਾਜ਼ਰ ਸਨ। 

 

ਇਹ ਵੀ ਪੜ੍ਹੋ:  ਸੂਬੇ ’ਚ  2,93,975 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਇਹ ਵੀ ਪੜ੍ਹੋ:  ਪੰਜਾਬ ਦੇ ਕਿਸਾਨ ਖੇਤੀ ਵਿਭਿੰਨਤਾ ਅਪਣਾਉਣ : ਹਰਪਾਲ ਸਿੰਘ ਚੀਮਾ

ਸਾਡੇ ਨਾਲ ਜੁੜੋ :  Twitter Facebook youtube

SHARE