- ਸਮਾਗਮ ਨੂੰ ਸਫਲ ਬਣਾਉਣ ਲਈ ਵਸਨੀਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਦਿਨੇਸ਼ ਮੌਦਗਿਲ, Ludhiana News (International Yoga Day): 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਜਿਸ ਵਿੱਚ ਉੱਘੇ ਟ੍ਰੇਨਰਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਯੋਗਾ ਅਭਿਆਸ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਗੈਰ-ਸਰਕਾਰੀ ਸੰਸਥਾਵਾਂ (NGO) ਦੇ ਸਹਿਯੋਗ ਨਾਲ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੈਗਾ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਨਾਗਰਿਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਸ ਨੂੰ ਸਫਲ ਬਣਾਇਆ ਜਾ ਸਕੇ।
ਸਵੇਰੇ 6 ਤੋਂ 8 ਵਜੇ ਤੱਕ ਯੋਗ ਕੈਂਪ
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਬ੍ਰਹਮਾ ਕੁਮਾਰੀ ਸੰਸਥਾ ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਸਦਕਾ ਸਮਾਗਮਾਂ ਦੀ ਲੜੀ ਉਲੀਕੀ ਗਈ ਹੈ। ਜਿਸਦੇ ਤਹਿਤ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਜ਼ਿਲ੍ਹਾ ਇੰਚਾਰਜ ਬ੍ਰਹਮਾ ਕੁਮਾਰੀ ਸੰਸਥਾ ਬੀਕੇ ਭੈਣ ਸਰਸਵਤੀ ਦੀ ਅਗਵਾਈ ਵਿੱਚ ਸਥਾਨਕ ਗੁਰੂ ਨਾਨਕ ਸਟੇਡੀਅਮ ਗੇਟ ਨੰਬਰ 4, ਲੁਧਿਆਣਾ ਵਿਖੇ ਸਵੇਰੇ 6 ਤੋਂ 8 ਵਜੇ ਤੱਕ ਯੋਗ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਸ ਮੌਕੇ ਸਮਾਜ ਵਿੱਚੋਂ ਨਸ਼ਾਖੋਰੀ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਨਸ਼ਾ ਵਿਰੋਧੀ ਮੁਹਿੰਮ ਵੀ ਚਲਾਈ ਜਾਵੇਗੀ। ਜਿਸ ਨੂੰ ਜ਼ਿਲ੍ਹੇ ਦੇ 300 ਪਿੰਡਾਂ ਤੱਕ ਅੱਗੇ ਵਧਾਇਆ ਜਾਵੇਗਾ।
ਇਸੇ ਤਰ੍ਹਾਂ ਹਰ ਹਫ਼ਤੇ ਚਾਰ ਰੋਜ਼ਾ ਪ੍ਰੋਗਰਾਮ ਵੀ ਜ਼ਿਲ੍ਹੇ ਭਰ ਵਿੱਚ ਖਾਸ ਕਰਕੇ ਮੁੜ ਵਸੇਬਾ ਕੇਂਦਰਾਂ ਵਿੱਚ ਆਯੋਜਿਤ ਕੀਤੇ ਜਾਣਗੇ। ਇਸ ਸਮਾਗਮ ਵਿੱਚ ਲਗਭਗ ਚਾਰ ਹਜ਼ਾਰ ਲੋਕ ਭਾਗ ਲੈਣਗੇ ਅਤੇ ਪ੍ਰਸਿੱਧ ਮਨੋ-ਚਿਕਿਤਸਕ, ਅੰਤਰਰਾਸ਼ਟਰੀ ਟ੍ਰੇਨਰ ਅਤੇ ਪ੍ਰਸਿੱਧ ਲੇਖਕ ਡਾ. ਗਿਰੀਸ਼ ਡੀ. ਪਟੇਲ ਸਮਾਗਮਾਂ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਸਥਾਨਕ ਨਹਿਰੂ ਰੋਜ਼ ਗਾਰਡਨ, ਨੇੜੇ ਲਾਇਬ੍ਰੇਰੀ ਵਿਖੇ ਸਾਂਝੇ ਤੌਰ ‘ਤੇ ਕੀਤਾ ਜਾਵੇਗਾ।
ਇਹ ਸੰਸਥਾਵਾਂ ਦੇਣਗੀਆਂ ਸਹਿਯੋਗ
ਜਿਸ ਵਿੱਚ ਪਤੰਜਲੀ ਯੋਗ ਸਮਿਤੀ, ਸ਼੍ਰੀ ਵਿਵੇਕਾਨੰਦ ਸਵਰਗ ਆਸ਼ਰਮ ਟਰੱਸਟ, ਐਵਰੈਸਟ ਇੰਸਟੀਚਿਊਟ ਆਫ ਯੋਗ, ਪੰਜਾਬ ਯੋਗਾਸਨਾ ਸਪੋਰਟਸ ਐਸੋਸੀਏਸ਼ਨ, ਪੀਕਿਊਐਮਐਸ ਯੋਗ ਸਰਟੀਫਿਕੇਸ਼ਨ ਬਾਡੀ, ਅਮੋਲ ਲੇਡੀਜ਼ ਕਲੱਬ, ਨਹਿਰੂ ਯੁਵਾ ਕੇਂਦਰ, ਯੋਗ ਸੁਸਾਇਟੀ ਪੰਜਾਬ, ਐਸਬੀਐਸ ਸਿਨੇਟਿਕ ਕਾਲਜ, ਸ਼ਕਤੀ ਨਗਰ ਯੋਗ ਸਮਿਤੀ ਅਤੇ ਹੋਰ ਸੰਸਥਾਵਾਂ ਸ਼ਾਮਲ ਹੋਣਗੀਆਂ। ਇਨ੍ਹਾਂ ਸੰਸਥਾਵਾਂ ਦੇ ਇੱਕ ਹਜ਼ਾਰ ਤੋਂ ਵੱਧ ਵਿਅਕਤੀ ਸਵੇਰੇ 6 ਵਜੇ ਇਕੱਠੇ ਯੋਗ ਕਰਨਗੇ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਸਮੇਤ ਹੋਰ ਅਧਿਕਾਰੀਆਂ ਵੱਲੋਂ ਕੀਤਾ ਜਾਵੇਗਾ।
ਇਹ ਵੀ ਪੜੋ : ਕਿਸੇ ਵੀ ਤਰ੍ਹਾਂ ਦੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਏਡੀਜੀਪੀ ਲਾਅ ਐਂਡ ਆਰਡਰ
ਸਾਡੇ ਨਾਲ ਜੁੜੋ : Twitter Facebook youtube