ਸੂਬੇ ਨੂੰ ‘ਮੈਡੀਕਲ ਸਿੱਖਿਆ’ ਦੇ ਧੁਰੇ ਵਜੋਂ ਉਭਾਰਿਆ ਜਾਵੇਗਾ : ਭਗਵੰਤ ਮਾਨ

0
155
Medical education in Punjab
Medical education in Punjab

ਇੰਡੀਆ ਨਿਊਜ਼, ਕਪੂਰਥਲਾ/ਹੁਸ਼ਿਆਰਪੁਰ (Medical education in Punjab): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਨੂੰ ਦੁਨੀਆ ਭਰ ‘ਚ ‘ਮੈਡੀਕਲ ਸਿੱਖਿਆ’ ਦੇ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ ਥਾਂ ਦਾ ਨਿਰੀਖਣ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਨਾਂ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਕਾਲਜ ਦੀ ਜਗ੍ਹਾ ਅਤੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਸ ਵੱਕਾਰੀ ਪ੍ਰੋਜੈਕਟ ‘ਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਮੈਡੀਕਲ ਕਾਲਜ 20 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਉੱਤੇ ਕੁੱਲ  428.69 ਕਰੋੜ ਰੁਪਏ ਦੀ ਲਾਗਤ ਆਵੇਗੀ।

ਮੈਡੀਕਲ ਕਾਲਜ ਇਲਾਜ ਅਤੇ ਜਾਂਚ ਸਹੂਲਤਾਂ ਨੂੰ ਵੱਡਾ ਹੁਲਾਰਾ ਦੇਵੇਗਾ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਮੈਡੀਕਲ ਕਾਲਜ ਇਲਾਜ ਅਤੇ ਜਾਂਚ ਸਹੂਲਤਾਂ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਵਿੱਚ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਉਣਗੇ, ਇਸ ਲਈ 300 ਬਿਸਤਰਿਆਂ ਵਾਲੇ ਅਤਿ ਆਧੁਨਿਕ ਸਿਵਲ ਹਸਪਤਾਲ ਤੋਂ ਇਲਾਵਾ ਕਾਲਜ ਦੇ ਨਾਲ 10-12 ਮੰਜ਼ਿਲਾਂ ਵਾਲੇ ਅਤਿ ਆਧੁਨਿਕ ਹੋਸਟਲ ਦੀ ਵੀ ਉਸਾਰੀ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਲਜ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ l ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ ਹੋਵੇ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਉਨ੍ਹਾਂ ਵੱਲੋਂ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਛੇਤੀ ਹੀ ਸ਼ੁਰੂ ਹੋ ਜਾਵੇਗਾ।

ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਵਿਦੇਸ਼ ਨਹੀਂ ਜਾਣਾ ਪਵੇਗਾ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ।

ਇਹ ਵੀ ਪੜ੍ਹੋ:  ਅੱਤਵਾਦੀਆਂ ਦੀ ਵੱਡੀ ਯੋਜਨਾ ਅਸਫਲ, ਸਰਹੱਦ ‘ਤੇ ਮਿਲੇ ਹਥਿਆਰ

ਇਹ ਵੀ ਪੜ੍ਹੋ:  ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ: ਧਾਲੀਵਾਲ

ਸਾਡੇ ਨਾਲ ਜੁੜੋ :  Twitter Facebook youtube

SHARE