ਮੁੱਖ ਮੰਤਰੀ ਨੇ ਜ਼ਿਲ੍ਹਿਆਂ ਦੇ ਵਿਕਾਸ ਦੀ ਜ਼ਿੰਮੇਵਾਰੀ ਮੰਤਰੀਆਂ ਨੂੰ ਸੌਂਪੀ

0
219
Responsibility for the development of Punjab
Responsibility for the development of Punjab

ਬਿਹਤਰ ਤਾਲਮੇਲ ਅਤੇ ਪੁਖ਼ਤਾ ਨਿਗਰਾਨੀ ਲਈ ਮੰਤਰੀਆਂ ਨੂੰ ਅਲਾਟ ਕੀਤੇ ਵੱਖ-ਵੱਖ ਜ਼ਿਲ੍ਹੇ

ਇੰਡੀਆ ਨਿਊਜ਼, ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪੁਖ਼ਤਾ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨਗੇ ਅਤੇ ਲੋਕ ਭਲਾਈ ਅਤੇ ਵਿਕਾਸ ਮੁਖੀ ਸਰਕਾਰੀ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਹ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤੇ ਜਾਣਾ ਵੀ ਯਕੀਨੀ ਬਣਾਉਣਗੇ।

ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਹੋਣਗੇ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਇੰਚਾਰਜ ਹੋਣਗੇ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੀ ਨਿਗਰਾਨੀ ਕਰਨਗੇ ਜਦਕਿ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇ ਇੰਚਾਰਜ ਹੋਣਗੇ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਜਦਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲ ਮੰਤਰੀ ਬ੍ਰਮ ਸ਼ੰਕਰ ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹਿਆਂ ਦੀ ਨਿਗਰਾਨੀ ਕਰਨਗੇ, ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਫ਼ਤਹਿਗੜ੍ਹ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਇੰਚਾਰਜ ਹੋਣਗੇ।ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਜਲੰਧਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਅਤੇ ਰੱਖਿਆ ਸੇਵਾਵਾਂ ਮੰਤਰੀ ਫ਼ੌਜਾ ਸਿੰਘ ਫ਼ਰੀਦਕੋਟ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਇੰਚਾਰਜ ਹੋਣਗੇ। ਭਗਵੰਤ ਮਾਨ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਮਲੇਰਕੋਟਲਾ ਤੇ ਬਰਨਾਲਾ ਦੇ ਇੰਚਾਰਜ ਹੋਣਗੇ ਜਦਕਿ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ।

ਇਹ ਵੀ ਪੜ੍ਹੋ: ਦੀਪਤੀ ਨਵਲ ਨੇ ਆਪਣੀ ਜਿੰਦਗੀ ਦੇ ਸੰਘਰਸ਼ ਬਾਰੇ ਦੱਸਿਆ

ਸਾਡੇ ਨਾਲ ਜੁੜੋ : Twitter Facebook youtube

SHARE