ਮੁੱਖ ਮੰਤਰੀ ਵੱਲੋਂ ‘ਪ੍ਰਧਾਨ ਮੰਤਰੀ ਮਿੱਤਰਾ ਸਕੀਮ’ ਤਹਿਤ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ 1000 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼
ਇੰਡੀਆ ਨਿਊਜ਼, ਚੰਡੀਗੜ੍ਹ (Textile Park in Punjab): ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ (ਪੀਐਮਮਿੱਤਰਾ) ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ।
ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਲਿਖਿਆ ਪੱਤਰ
ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ ‘ਟੈਕਸਟਾਇਲ ਹੱਬ’ ਵਜੋਂ ਉਭਰੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉਤੇ ਉਭਾਰੇਗਾ।
ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲਣਗੇ
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਵੇਗੀ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਪ੍ਰਾਜੈਕਟ ਦੀਆਂ ਚਾਹਵਾਨ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ ਦੇਸ਼ ਭਰ ਵਿੱਚ ਸੱਤ ‘ਪ੍ਰਧਾਨ ਮੰਤਰੀ ਮੈਗਾ ਇੰਟੈਗਰੇਟਿਡ ਟੈਕਸਟਾਈਲ ਖੇਤਰ ਅਤੇ ਐਪੇਰਲ ਪਾਰਕ’ (ਪੀਐਮਮਿੱਤਰਾ) ਸਥਾਪਤ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫਤਹਿਗੜ੍ਹ ਸਾਹਿਬ ਵਿਖੇ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਤਿਆਰ ਹੈ।
ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮੈਗਾ ਪਾਰਕ ਦੀ ਸਥਾਪਨਾ ਕਰਦੇ ਸਮੇਂ ਕੇਂਦਰ ਅਤੇ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਬੁਨਿਆਦੀ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਸ ਪ੍ਰਾਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦਾ ਹੋਣਾ ਚਾਹੀਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਫਤਿਹਗੜ੍ਹ ਸਾਹਿਬ ਵਿੱਚ ਪਹਿਲਾਂ ਹੀ ਜ਼ਮੀਨ ਦੇ ਲੋੜੀਂਦੇ ਰਕਬੇ ਦੀ ਇਕ ਥਾਂ ਸ਼ਨਾਖਤ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ
ਇਹ ਵੀ ਪੜ੍ਹੋ: ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ
ਸਾਡੇ ਨਾਲ ਜੁੜੋ : Twitter Facebook youtube