ਚੰਡੀਗੜ੍ਹ (Vehicle fitness certificate scam) : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (MVI) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੇ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ MVI, ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ ‘ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ 10 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਅਤੇ ਵਰਿੰਦਰ ਸਿੰਘ ਉਰਫ ਦੀਪੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਜੱਚਾ ਮੌਤ ਦਰ 129 ਤੋਂ ਘਟ ਕੇ 105 ਹੋਈ : ਸਿਹਤ ਮੰਤਰੀ
ਸਾਡੇ ਨਾਲ ਜੁੜੋ : Twitter Facebook youtube