ਇੰਡੀਆ ਨਿਊਜ਼, ਚੰਡੀਗੜ੍ਹ (War Against Drugs in Punjab) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨਡੀਪੀਐੱਸ) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫਆਈਆਰ ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 900 ਗ੍ਰਾਮ ਗਾਂਜਾ, 8 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 88014 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ
ਗਿੱਲ ਨੇ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 376 ਹੋ ਗਈ ਹੈ। ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।
ਇਹ ਵੀ ਪੜ੍ਹੋ: ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ
ਸਾਡੇ ਨਾਲ ਜੁੜੋ : Twitter Facebook youtube